ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਫਾਜ਼ਿਲਕਾ ਜ਼ਿਲ੍ਹੇ ਦੀ ਸਿਆਸਤ ਗਰਮਾਈ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਫਾਜ਼ਿਲਕਾ ਜ਼ਿਲ੍ਹੇ ਦੀ ਸਿਆਸਤ ਗਰਮਾਈ
Publish Date: Thu, 26 Nov 2026 06:07 PM (IST)
Updated Date: Fri, 27 Nov 2026 04:07 AM (IST)
ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਫਾਜ਼ਿਲਕਾ ਜ਼ਿਲ੍ਹੇ ਦੀ ਸਿਆਸਤ ਗਰਮਾਈ ਕਿਸੇ ਨੇ ਦੱਸਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼, ਕਿਸੇ ਨੇ ਕਿਹਾ ਲੋਕਾਂ ਨਾਲ ਧੋਖਾ; ਨਸ਼ਿਆਂ ਦੇ ਮੁੱਦੇ ’ਤੇ ਵੀ ਘੇਰੀਆਂ ਦੋਵੇਂ ਪਾਰਟੀਆਂ ਰਿਤਿਸ਼ ਕੁੱਕੜ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਸਿਆਸੀ ਸਮਝੌਤੇ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਆਗੂਆਂ ਨੇ ਇਸ ਗੱਠਜੋੜ ’ਤੇ ਸਵਾਲ ਚੁੱਕਦਿਆਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਹਨ। ਕਿਸੇ ਨੇ ਇਸ ਨੂੰ ਸਿਆਸੀ ਸਵਾਰਥਾਂ ਦੀ ਪੂਰਤੀ ਦੱਸਿਆ ਹੈ, ਤਾਂ ਕਿਸੇ ਨੇ ਪੰਜਾਬ, ਕਿਸਾਨਾਂ ਅਤੇ ਨੌਜਵਾਨਾਂ ਦੇ ਹਿੱਤਾਂ ਨਾਲ ਜੋੜ ਕੇ ਇਸ ਦੀ ਆਲੋਚਨਾ ਕੀਤੀ ਹੈ। ਨਸ਼ਿਆਂ ਦਾ ਮੁੱਦਾ ਵੀ ਇਨ੍ਹਾਂ ਪ੍ਰਤੀਕਿਰਿਆਵਾਂ ਵਿੱਚ ਪ੍ਰਮੁੱਖਤਾ ਨਾਲ ਉੱਭਰ ਕੇ ਸਾਹਮਣੇ ਆਇਆ ਹੈ। ਗੱਠਜੋੜ ਨੂੰ ਲੈ ਕੇ ਸ਼ੇਰ ਸਿੰਘ ਘੁਬਾਇਆ ਨੇ ਘੇਰੀਆਂ ਅਕਾਲੀ ਦਲ ਤੇ ਭਾਜਪਾ ਕਿਹਾ, ਅਕਾਲੀ-ਭਾਜਪਾ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ ਕਾਂਗਰਸ ਦੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਹੋਇਆ ਇਹ ਗੱਠਜੋੜ ਉਨ੍ਹਾਂ ਲਈ ਫਾਇਦੇਮੰਦ ਸਾਬਤ ਹੋਣ ਦੀ ਬਜਾਏ ਨੁਕਸਾਨਦਾਇਕ ਰਹੇਗਾ। ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਗੱਠਜੋੜ ਦੇ ਸੰਭਾਵੀ ਪ੍ਰਭਾਵ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। ਅਕਾਲੀ-ਭਾਜਪਾ ਗੱਠਜੋੜ ’ਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਚੁੱਕੇ ਸਵਾਲ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਲੰਮਾ ਸਮਾਂ ਸਿਆਸੀ ਭਾਈਵਾਲ ਰਹੇ ਹਨ, ਪਰ ਕਿਸਾਨ ਅੰਦੋਲਨ ਦੌਰਾਨ ਦੋਵਾਂ ਪਾਰਟੀਆਂ ਦੇ ਰਾਹ ਵੱਖ ਹੋ ਗਏ ਸਨ। ਹੁਣ ਮੁੜ ਇਕੱਠੇ ਹੋਣ ਦੇ ਫੈਸਲੇ ਨੇ ਪੰਜਾਬ ਦੀ ਸਿਆਸਤ ਵਿੱਚ ਕਈ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋਵਾਂ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣੇ ਪਿਛਲੇ ਸਿਆਸੀ ਫੈਸਲਿਆਂ ਅਤੇ ਮੌਜੂਦਾ ਗੱਠਜੋੜ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਪੰਜਾਬ ਦੇ ਲੋਕ ਕਿਸਾਨੀ, ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ ਅਤੇ ਸੂਬੇ ਦੇ ਵਿਕਾਸ ਵਰਗੇ ਅਹਿਮ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਤੋਂ ਜਵਾਬਦੇਹੀ ਦੀ ਉਮੀਦ ਰੱਖਦੇ ਹਨ। 2007 ਤੋਂ 2017 ਤੱਕ ਦੇ ਅਕਾਲੀ-ਭਾਜਪਾ ਰਾਜ ਦੌਰਾਨ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚੁੱਕੇ ਸਵਾਲ ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਕੰਬੋਜ ਗੋਲਡੀ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਪਿਛਲੇ ਸ਼ਾਸਨਕਾਲ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਜਵਾਬ ਮੰਗਿਆ ਹੈ। ਵਿਧਾਇਕ ਗੋਲਡੀ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਰਹੀ। ਉਨ੍ਹਾਂ ਦੇ ਦੋਸ਼ ਅਨੁਸਾਰ ਇਸ ਦੌਰਾਨ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਅਤੇ ਕਈ ਪਰਿਵਾਰਾਂ ਨੂੰ ਭਾਰੀ ਦੁੱਖ ਸਹਿਣਾ ਪਿਆ। ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ : ਸੁਖਵੰਤ ਸਿੰਘ ਬਰਾੜ ਗੁਰਪੁਰਬ ਦੇ ਮੌਕੇ ਗੱਠਜੋੜ ਦਾ ਐਲਾਨ ਕਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਅਤੇ ਪੰਜਾਬ ਦੇ ਲੋਕਾਂ ਨਾਲ ਸਿਆਸੀ ਮਜ਼ਾਕ : ਬਰਾੜ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਨੂੰ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਬਜਾਏ ਆਪਣੀ ਸਿਆਸੀ ਜ਼ਮੀਨ ਅਤੇ ਸੱਤਾ ਬਚਾਉਣ ਦੇ ਉਦੇਸ਼ ਨਾਲ ਕੀਤਾ ਗਿਆ ਫੈਸਲਾ ਜਾਪਦਾ ਹੈ। ਬਰਾੜ ਨੇ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਜੁੜੇ ਇਨਸਾਫ਼ ਅਤੇ ਜਵਾਬਦੇਹੀ ਦੇ ਸਵਾਲ ਅੱਜ ਵੀ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਉਸ ਦੌਰ ਦੀ ਜ਼ਿੰਮੇਵਾਰੀ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਅਕਾਲੀ-ਭਾਜਪਾ ਗੱਠਜੋੜ ਪੰਜਾਬ ਨਹੀਂ, ਸਗੋਂ ਪਰਿਵਾਰ ਬਚਾਉਣ ਦਾ ਗੱਠਜੋੜ : ਡਾ. ਸੁਹਾਨੀ ਡੋਡਾ 2007 ਤੋਂ 2017 ਤੱਕ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗਿਆ : ਆਪ ਆਗੂ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਬਜਾਏ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਲਾ ਸਮਝੌਤਾ ਕਰਾਰ ਦਿੱਤਾ ਹੈ। ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਇਆ ਇਹ ਗੱਠਜੋੜ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਆਸੀ ਗੱਠਜੋੜ ਕਰਨ ਤੋਂ ਪਹਿਲਾਂ ਪਾਰਟੀਆਂ ਨੂੰ ਆਪਣੇ ਪਿਛਲੇ ਕਾਰਜਕਾਲ ਅਤੇ ਫੈਸਲਿਆਂ ਬਾਰੇ ਵੀ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਅਕਾਲੀ-ਭਾਜਪਾ ਗੱਠਜੋੜ ਲੋਕਾਂ ਨਾਲ ਵੱਡਾ ਧੋਖਾ : ਰਾਜ ਬਖ਼ਸ਼ ਕੰਬੋਜ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਹੀ ਇੱਕੋ ਮਖੌਟੇ ਦੇ ਦੋ ਚਿਹਰੇ ਹਨ ਰਾਜ ਬਖ਼ਸ਼ ਕੰਬੋਜ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਲੋਕਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਹੀ ਇੱਕੋ ਮਖੌਟੇ ਦੇ ਦੋ ਚਿਹਰੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਕੋਈ ਨਵੀਂ ਗੱਲ ਨਹੀਂ ਹੈ, ਸਗੋਂ ਇਹ ਉਨ੍ਹਾਂ ਦੀ ਪੁਰਾਣੀ ਸਿਆਸੀ ਸਾਂਝ ਦਾ ਹੀ ਹਿੱਸਾ ਹੈ। ਉਨ੍ਹਾਂ ਅਨੁਸਾਰ ਇਸ ਗੱਠਜੋੜ ਪਿੱਛੇ ਲੋਕਾਂ ਦੇ ਹਿੱਤਾਂ ਦੀ ਬਜਾਏ ਸਿਆਸੀ ਮਕਸਦ ਜੁੜੇ ਹੋਏ ਹਨ। ਅਕਾਲੀ-ਭਾਜਪਾ ਗੱਠਜੋੜ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਕੀਤਾ ਸਮਝੌਤਾ : ਗੁਰਜੋਤ ਸਿੰਘ ਸੰਧੂ ਪੰਜਾਬ ਯੂਥ ਕਾਂਗਰਸ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਨਾਲ ਸਬੰਧਤ ਗੁਰਜੋਤ ਸਿੰਘ ਸੰਧੂ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਨੂੰ ਦੋਵਾਂ ਪਾਰਟੀਆਂ ਦੇ ਸਿਆਸੀ ਸਵਾਰਥਾਂ ਨਾਲ ਜੁੜਿਆ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਪਿਛਲੇ ਕਾਰਜਕਾਲ ਅਤੇ ਉਸ ਸਮੇਂ ਦੇ ਸਿਆਸੀ ਫੈਸਲਿਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਸਿਰਫ਼ ਗੱਠਜੋੜ ਕਰ ਲੈਣ ਨਾਲ ਲੋਕਾਂ ਦਾ ਭਰੋਸਾ ਮੁੜ ਹਾਸਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਐਲਾਨਾਂ ਦੀ ਬਜਾਏ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਦੇ ਆਧਾਰ ’ਤੇ ਫੈਸਲਾ ਕਰਨਾ ਚਾਹੀਦਾ ਹੈ। ਸਿਆਸੀ ਗੱਠਜੋੜ ਨੇ ਛੇੜੀ ਨਵੀਂ ਚਰਚਾ ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਸਿਆਸੀ ਸਰਗਰਮੀਆਂ ਅਤੇ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਦਿੱਤੀਆਂ ਜਾ ਰਹੀਆਂ ਪ੍ਰਤੀਕਿਰਿਆਵਾਂ ਤੋਂ ਸਪੱਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਦਾ ਮੁੱਦਾ ਸਿਆਸੀ ਚਰਚਾ ਦੇ ਕੇਂਦਰ ਵਿੱਚ ਰਹਿਣ ਵਾਲਾ ਹੈ।