ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਸਿਆਸੀ ਸਫ਼ਰ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਸਿਆਸੀ ਸਫ਼ਰ
Publish Date: Thu, 12 Nov 2026 08:13 PM (IST)
Updated Date: Thu, 12 Nov 2026 08:15 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਬੱਲੂਆਣਾ ਵਿਧਾਨ ਸਭਾ ਹਲਕੇ ਦੇ ਮੌਜੂਦਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਸਿਆਸੀ ਸਫ਼ਰ ਕਈ ਅਹਿਮ ਪੜਾਵਾਂ ਵਿੱਚੋਂ ਲੰਘਿਆ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੁੜਿਆਣਾ ਨਾਲ ਸਬੰਧਤ ਗੋਲਡੀ ਮੁਸਾਫਿਰ ਨੇ ਕਾਂਗਰਸ ਪਾਰਟੀ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਨੂੰ ਨਵਾਂ ਮੋੜ ਦਿੱਤਾ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬੱਲੂਆਣਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਪਹਿਲੀ ਵਾਰ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ। ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਜਨਮ 18 ਫਰਵਰੀ 1981 ਨੂੰ ਪਿੰਡ ਘੁੜਿਆਣਾ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਮ ਗੁਰਚਰਨ ਸਿੰਘ ਮੁਸਾਫਿਰ ਅਤੇ ਮਾਤਾ ਦਾ ਨਾਮ ਅਮਰ ਕੌਰ ਹੈ। ਉਨ੍ਹਾਂ ਦੀ ਪਤਨੀ ਕੰਚਨ ਜੋਤੀ ਹੈ ਅਤੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਹਨ। ਉਨ੍ਹਾਂ ਨੇ ਬਾਰ੍ਹਵੀਂ ਜਮਾਤ ਤੱਕ ਸਿੱਖਿਆ ਪ੍ਰਾਪਤ ਕੀਤੀ ਹੈ। ਗੋਲਡੀ ਮੁਸਾਫਿਰ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਨਾਲ ਕੀਤੀ ਸੀ। ਮਾਰਚ 2021 ਵਿੱਚ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ 58,893 ਵੋਟਾਂ ਪ੍ਰਾਪਤ ਕੀਤੀਆਂ ਅਤੇ ਭਾਜਪਾ ਦੀ ਉਮੀਦਵਾਰ ਵੰਦਨਾ ਸਾਂਘਵਾਲ ਨੂੰ 19,173 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸ ਜਿੱਤ ਨਾਲ ਉਹ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ। ਵਿਧਾਇਕ ਬਣਨ ਤੋਂ ਬਾਅਦ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੁੜੇ ਮੁੱਦੇ ਉਠਾਏ ਜਾਂਦੇ ਰਹੇ ਹਨ। ਹਲਕੇ ਵਿੱਚ ਸਿਹਤ ਸਹੂਲਤਾਂ ਦਾ ਵਿਸਥਾਰ, ਸਿੱਖਿਆ ਸੰਸਥਾਵਾਂ ਦਾ ਵਿਕਾਸ, ਕਿਸਾਨਾਂ ਦੀਆਂ ਸਮੱਸਿਆਵਾਂ, ਨਹਿਰੀ ਪਾਣੀ ਦੀ ਉਪਲਬਧਤਾ ਅਤੇ ਸੜਕਾਂ ਦੀ ਮੁਰੰਮਤ ਵਰਗੇ ਮੁੱਦੇ ਉਨ੍ਹਾਂ ਦੇ ਸਿਆਸੀ ਏਜੰਡੇ ਦਾ ਹਿੱਸਾ ਰਹੇ ਹਨ। ਉਨ੍ਹਾਂ ਵੱਲੋਂ ਸੀਤੋ ਗੁੰਨੋ ਦੇ ਕਮਿਊਨਿਟੀ ਹੈਲਥ ਸੈਂਟਰ ਅਤੇ ਰਾਮਸਰਾ ਤੇ ਵਹਾਬਵਾਲਾ ਦੇ ਸਿਹਤ ਕੇਂਦਰਾਂ ਵਿੱਚ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਲੋੜ ਵੀ ਉਠਾਈ ਗਈ। ਇਸ ਤੋਂ ਇਲਾਵਾ ਸੀਤੋ ਗੁੰਨੋ ਨੂੰ ਸਬ-ਡਿਵੀਜ਼ਨ ਬਣਾਉਣ ਅਤੇ ਸੁਖਚੈਨ ਵਿਖੇ ਸਰਕਾਰੀ ਕਾਲਜ ਦੀ ਇਮਾਰਤ ਦਾ ਕੰਮ ਪੂਰਾ ਕਰਵਾਉਣ ਵਰਗੇ ਮੁੱਦੇ ਵੀ ਉਨ੍ਹਾਂ ਦੀਆਂ ਮੰਗਾਂ ਵਿੱਚ ਸ਼ਾਮਲ ਰਹੇ ਹਨ। ਵਿਧਾਇਕ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਵਿੱਚ ਵੀ ਜ਼ਿੰਮੇਵਾਰੀਆਂ ਮਿਲੀਆਂ। ਉਹ ਸਹਿਕਾਰਤਾ, ਪਟੀਸ਼ਨ ਅਤੇ ਲੋਕ ਲੇਖਾ ਕਮੇਟੀ ਸਮੇਤ ਵੱਖ-ਵੱਖ ਕਮੇਟੀਆਂ ਦੇ ਮੈਂਬਰ ਰਹੇ ਹਨ। ਇਸ ਤਰ੍ਹਾਂ ਪਿੰਡ ਘੁੜਿਆਣਾ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਤੱਕ ਦਾ ਸਫ਼ਰ ਤੈਅ ਕਰਦਿਆਂ ਸਾਲ 2022 ਵਿੱਚ ਬੱਲੂਆਣਾ ਹਲਕੇ ਤੋਂ ਵਿਧਾਇਕ ਬਣ ਕੇ ਸੂਬਾਈ ਸਿਆਸਤ ਵਿੱਚ ਆਪਣੀ ਪਛਾਣ ਬਣਾਈ। ਹੁਣ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਉਨ੍ਹਾਂ ਲਈ ਅਹਿਮ ਚੁਣੌਤੀ ਹੈ।