ਅਬੋਹਰ 'ਚ ਬਿਜਲੀ ਸੰਕਟ, ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ ਜਾਣਕਾਰੀ ਅਨੁਸਾਰ ਪਿੰਡ ਸੀਤੋ ਗੁੰਨੋ ਦੇ ਅਧੀਨ ਆਉਂਦੇ ਪਿੰਡ ਤਰਮਾਲਾ, ਮੋਡੀਖੇੜਾ, ਚੱਕ ਰਾਧੇਵਾਲਾ ਅਤੇ ਖੁੱਬਣ ਦੇ ਵਸਨੀਕਾਂ ਨੇ ਨੈਸ਼ਨਲ ਹਾਈਵੇ ਜਾਮ ਕਰਕੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਗਟਾਇਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡਾਂ ਵਿੱਚ 24 ਘੰਟਿਆਂ ਦੌਰਾਨ ਸਿਰਫ਼ 4 ਤੋਂ 5 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
Publish Date: Wed, 01 Jul 2026 04:14 PM (IST)
Updated Date: Wed, 01 Jul 2026 05:07 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਉਪਮੰਡਲ ਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਪਰੇਸ਼ਾਨ ਪਿੰਡ ਵਾਸੀਆਂ ਨੇ ਅੱਜ ਅਬੋਹਰ-ਡੱਬਵਾਲੀ ਨੈਸ਼ਨਲ ਹਾਈਵੇ ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ। ਇਸ ਕਾਰਨ ਹਾਈਵੇ ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ ਤੇ ਥਾਣਾ ਬਹਾਵਵਾਲਾ ਦੇ ਮੁਖੀ ਰਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨ ਜਾਰੀ ਸੀ। ਜਾਣਕਾਰੀ ਅਨੁਸਾਰ ਪਿੰਡ ਸੀਤੋ ਗੁੰਨੋ ਦੇ ਅਧੀਨ ਆਉਂਦੇ ਪਿੰਡ ਤਰਮਾਲਾ, ਮੋਡੀਖੇੜਾ, ਚੱਕ ਰਾਧੇਵਾਲਾ ਅਤੇ ਖੁੱਬਣ ਦੇ ਵਸਨੀਕਾਂ ਨੇ ਨੈਸ਼ਨਲ ਹਾਈਵੇ ਜਾਮ ਕਰਕੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਗਟਾਇਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡਾਂ ਵਿੱਚ 24 ਘੰਟਿਆਂ ਦੌਰਾਨ ਸਿਰਫ਼ 4 ਤੋਂ 5 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਭਿਆਨਕ ਗਰਮੀ ਦੇ ਮੌਸਮ ਵਿੱਚ ਇਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਕਈ ਦਿਨਾਂ ਤੋਂ ਲਗਾਤਾਰ ਬਣੀ ਹੋਈ ਹੈ। ਉੱਧਰ ਬਿਜਲੀ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਲਾਈਨਾਂ ਦੀ ਮੁਰੰਮਤ ਚੱਲ ਰਹੀ ਹੈ, ਜਿਸ ਕਾਰਨ ਲਾਜ਼ਮੀ ਤੌਰ ਤੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਹ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਮਿਲੇ ਸਨ, ਜਿਨ੍ਹਾਂ ਵੱਲੋਂ ਬਿਜਲੀ ਸਪਲਾਈ ਜਲਦੀ ਸੁਚਾਰੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹਾਲਾਤ ਵਿੱਚ ਕੋਈ ਸੁਧਾਰ ਨਾ ਆਉਣ ਕਾਰਨ ਉਨ੍ਹਾਂ ਨੂੰ ਅੱਜ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ।ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ, ਪਰ ਖ਼ਬਰ ਲਿਖੇ ਜਾਣ ਤੱਕ ਕੋਈ ਵੀ ਬਿਜਲੀ ਵਿਭਾਗ ਦਾ ਅਧਿਕਾਰੀ ਮੌਕੇ ਤੇ ਨਹੀਂ ਪੁੱਜਿਆ ਸੀ ਅਤੇ ਧਰਨਾ ਜਾਰੀ ਸੀ।ਇਸ ਮੌਕੇ ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਦੀਪ ਸਿੰਘ, ਡਾ. ਸੁਸ਼ੀਲ, ਅਮਿਤ ਗੋਦਾਰਾ, ਕਰਨ ਕੁਮਾਰ, ਗੋਪਾਲ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।