- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਸਟਰ ਕੇਡਰ ਤੋਂ ਲੈਕਚਰਾਰਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ: ਮਾਸਟਰ ਕੇਡਰ ਯੂਨੀਅਨ

ਰਮਨ ਕੁਮਾਰ, ਪੰਜਾਬੀ ਜਾਗਰਣ
ਫਾਜ਼ਿਲਕਾ : ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਸਰਕਾਰ ਤੋਂ ਮਾਸਟਰ ਕੇਡਰ ਤੋਂ ਲੈਕਚਰਾਰ ਕਾਡਰ ਵਿੱਚ ਲੰਬੇ ਸਮੇਂ ਤੋਂ ਲਟਕ ਰਹੀਆਂ ਤਰੱਕੀਆਂ ਤੁਰੰਤ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਸੀਨੀ. ਅਤੇ ਸੀਨੀਅਰ ਸੂਬਾ ਪ੍ਰਧਾਨ ਦਲਜੀਤ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਯੂਨੀਅਨ ਵੱਲੋਂ ਲਗਾਤਾਰ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੈਕਚਰਾਰਾਂ ਦੀਆਂ ਵੱਡੀ ਗਿਣਤੀ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਸੈਕੰਡਰੀ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਸਮੇਤ ਕਈ ਸਕੂਲਾਂ ਵਿੱਚ ਵੀ ਲੈਕਚਰਾਰਾਂ ਦੀ ਘਾਟ ਹੈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੰਜਾਬੀ, ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਅੰਗਰੇਜ਼ੀ ਸਮੇਤ ਕਈ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਹਨ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਪਬਲਿਕ ਇੰਸਟਰੱਕਸ਼ਨ (ਡੀਪੀਆਈ) ਅਤੇ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਤਰੱਕੀਆਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਟੈੱਟ ਦੀ ਸ਼ਰਤ ਅਤੇ ਹੋਰ ਕਾਨੂੰਨੀ ਅੜਚਨਾਂ ਦਾ ਹਵਾਲਾ ਦਿੱਤਾ ਜਾਂਦਾ ਸੀ, ਪਰ ਹੁਣ ਜ਼ਿਆਦਾਤਰ ਅਧਿਆਪਕ ਟੈੱਟ ਪਾਸ ਕਰ ਚੁੱਕੇ ਹਨ ਅਤੇ ਕਾਨੂੰਨੀ ਰੁਕਾਵਟਾਂ ਵੀ ਦੂਰ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਵਿਭਾਗ ਵੱਲੋਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਸਾਰੇ ਵਿਭਾਗਾਂ ਨੂੰ 10 ਦਿਨਾਂ ਦੇ ਅੰਦਰ ਪੈਂਡਿੰਗ ਤਰੱਕੀਆਂ ਕਰਨ ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਵੀ ਸਿੱਖਿਆ ਵਿਭਾਗ ਨੇ ਪਾਲਣਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਈ ਅਧਿਆਪਕ ਤਰੱਕੀ ਦੀ ਉਡੀਕ ਕਰਦੇ-ਕਰਦੇ ਸੇਵਾਮੁਕਤ ਹੋ ਚੁੱਕੇ ਹਨ। ਯੂਨੀਅਨ ਨੇ ਕਿਹਾ ਕਿ ਇਸ ਸਮੇਂ ਲੈਕਚਰਾਰਾਂ ਦਾ ਕੰਮ ਵੀ ਮਾਸਟਰ ਕੇਡਰ ਦੇ ਅਧਿਆਪਕ ਹੀ ਸੰਭਾਲ ਰਹੇ ਹਨ, ਜਿਸ ਨਾਲ ਉਨ੍ਹਾਂ ’ਤੇ ਵਾਧੂ ਬੋਝ ਪੈ ਰਿਹਾ ਹੈ। ਜੇਕਰ ਸਮੇਂ ਸਿਰ ਤਰੱਕੀਆਂ ਕਰ ਦਿੱਤੀਆਂ ਜਾਣ ਤਾਂ ਨਾ ਸਿਰਫ਼ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇਗਾ, ਸਗੋਂ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਵੀ ਸੁਧਰੇਗਾ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਸਟਰ ਕੇਡਰ ਤੋਂ ਲੈਕਚਰਾਰ ਕਾਡਰ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਖਾਲੀ ਅਸਾਮੀਆਂ ਭਰੀਆਂ ਜਾ ਸਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਇਸ ਮੌਕੇ ਸੀਨੀਅਰ ਸੂਬਾ ਪ੍ਰਧਾਨ ਦਲਜੀਤ ਸਿੰਘ, ਪਲਵਿੰਦਰ ਸਿੰਘ, ਲਾਲ ਚੰਦ, ਰੋਹਿਤ ਮੂਲੀਆਂਵਾਲੀ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਯੂਨੀਅਨ ਆਗੂ ਹਾਜ਼ਰ ਸਨ।