ਅਨੀਤਾ ਜੈਰਥ ਦੇ ਨਿਵਾਸ ’ਤੇ ਪੁੱਜੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਮੰਥਰੀ ਸ਼੍ਰੀਨਿਵਾਸਲੁ ਅਨੀਤਾ ਜੈਰਥ ਦੇ ਨਿਵਾਸ ’ਤੇ ਪੁੱਜੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਮੰਥਰੀ ਸ਼੍ਰੀਨਿਵਾਸਲੁ
Publish Date: Mon, 14 Sep 2026 07:20 PM (IST)
Updated Date: Mon, 14 Sep 2026 07:23 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਮੰਥਰੀ ਸ਼੍ਰੀਨਿਵਾਸਲੁ ਬੀਤੀ ਸ਼ਾਮ ਫਾਜ਼ਿਲਕਾ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ ਦੇ ਨਿਵਾਸ ਸਥਾਨ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਵਿੱਚ ਬਣੇ ਭਾਜਪਾ ਬੋਰਡ ਵੱਲੋਂ ਥੋੜ੍ਹੇ ਸਮੇਂ ਦੌਰਾਨ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਲਈ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਫਾਜ਼ਿਲਕਾ ਪੁੱਜਣ ’ਤੇ ਮੰਥਰੀ ਸ਼੍ਰੀਨਿਵਾਸਲੁ ਦਾ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਬੱਲੂਆਣਾ ਦੀ ਭਾਜਪਾ ਇੰਚਾਰਜ ਅਤੇ ਜੈਰਥ ਪਰਿਵਾਰ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸ਼ਾਲ ਓੜ੍ਹਾ ਕੇ ਸਨਮਾਨਿਤ ਕੀਤਾ ਗਿਆ। ਅਨੀਤਾ ਜੈਰਥ ਅਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਨੇ ਦੱਸਿਆ ਕਿ ਬੋਰਡ ਦੇ ਗਠਨ ਤੋਂ ਬਾਅਦ ਸਭ ਤੋਂ ਪਹਿਲਾਂ ਲਗਭਗ ਇੱਕ ਮਹੀਨਾ ਚੱਲੀ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕੂੜੇ ਦੇ ਢੇਰਾਂ ਵਿੱਚ ਤਬਦੀਲ ਹੋਏ ਸ਼ਹਿਰ ਦੀ ਸਫ਼ਾਈ ਕਰਵਾਉਣ ਨੂੰ ਤਰਜੀਹ ਦਿੱਤੀ ਗਈ। ਇਸ ਤੋਂ ਇਲਾਵਾ ਰੇਲਵੇ ਅੰਡਰਬ੍ਰਿਜ ਦੀ ਮੁਰੰਮਤ, ਸ਼ਹਿਰ ਦੀਆਂ ਵੱਖ-ਵੱਖ ਟੁੱਟੀਆਂ ਸੜਕਾਂ ਦਾ ਪੈਚਵਰਕ, ਬਰਸਾਤੀ ਮੌਸਮ ਦੇ ਮੱਦੇਨਜ਼ਰ ਗੰਦੇ ਨਾਲਿਆਂ, ਨਾਲੀਆਂ ਅਤੇ ਸੀਵਰੇਜ ਦੀ ਸਫ਼ਾਈ ਤੋਂ ਇਲਾਵਾ ਸਾਰੇ ਵਾਰਡਾਂ ਵਿੱਚ ਸਫ਼ਾਈ ਪ੍ਰਬੰਧ ਸੁਚਾਰੂ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਮੰਥਰੀ ਸ਼੍ਰੀਨਿਵਾਸਲੁ ਨੇ ਭਾਜਪਾ ਬੋਰਡ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਲੀ ਵਾਰ ਫਾਜ਼ਿਲਕਾ ਆਉਣ ਮੌਕੇ ਉਹ ਨਗਰ ਕੌਂਸਲ ਦੇ ਭਾਜਪਾ ਬੋਰਡ ਦੇ ਸਾਰੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਉਨ੍ਹਾਂ ਦੇ ਸੁਝਾਅ ਲੈਣਗੇ। ਇਸ ਮੌਕੇ ਅਨੀਤਾ ਜੈਰਥ ਨੇ ਮੰਥਰੀ ਸ਼੍ਰੀਨਿਵਾਸਲੁ ਦਾ ਉਨ੍ਹਾਂ ਦੇ ਨਿਵਾਸ ’ਤੇ ਆਉਣ ਲਈ ਧੰਨਵਾਦ ਕੀਤਾ। ਅਸ਼ੋਕ ਜੈਰਥ ਨੇ ਕਿਹਾ ਕਿ ਉਨ੍ਹਾਂ ਵੱਲੋਂ ਫਾਜ਼ਿਲਕਾ ਨਗਰ ਕੌਂਸਲ ਦੀ ਟੀਮ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਕੇਂਦਰ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਫਾਜ਼ਿਲਕਾ ਨੂੰ ਪਹਿਲਾਂ ਪੰਜਾਬ ਅਤੇ ਫਿਰ ਦੇਸ਼ ਦੇ ਸਫ਼ਾਈ ਪੱਖੋਂ ਮੋਹਰੀ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਜਾਵੇਗਾ।