ਪੰਜਾਬ ਸਰਕਾਰ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਵੇਗੀ : ਕੀਮਤੀ ਭਗਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋ ਸਰਕਾਰੀ ਗਾਊਸ਼ਾਲਾ ਦਾ ਦੌਰਾ
Publish Date: Fri, 07 Aug 2026 06:20 PM (IST)
Updated Date: Fri, 07 Aug 2026 06:23 PM (IST)
ਦੀਪਕ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ: ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊਧਨ ਦੀ ਸੰਭਾਲ ਅਤੇ ਗਊਸ਼ਾਲਾਵਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਦਕਿ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਜਲਦ ਮੁਫ਼ਤ ਕਾਊ ਲਿਫਟਰ ਵੀ ਮੁਹੱਈਆ ਕਰਵਾਏ ਜਾਣਗੇ। ਕੀਮਤੀ ਭਗਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰ ਜਾਇਜ਼ ਮਸਲੇ ਦਾ ਤਰਜੀਹੀ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਨਿਯਮਿਤ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੇਸਹਾਰਾ, ਅਵਾਰਾ ਅਤੇ ਲਾਵਾਰਿਸ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਧਨ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਠੋਸ ਅਤੇ ਸਮੇਂਬੱਧ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ’ਤੇ ਘੁੰਮ ਰਹੇ ਗਊਧਨ ਨੂੰ ਜਲਦ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਨਾਲ ਗਊਧਨ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸੜਕ ਹਾਦਸਿਆਂ ਅਤੇ ਟਰੈਫਿਕ ਸਮੱਸਿਆਵਾਂ ਵਿੱਚ ਕਮੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਨੂੰ ਵੀ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਗਊਸ਼ਾਲਾਵਾਂ ਦਾ ਨਿਯਮਿਤ ਦੌਰਾ ਕਰਨ ਅਤੇ ਗਊਧਨ ਦੇ ਟੀਕਾਕਰਨ, ਮੈਡੀਕਲ ਕੈਂਪਾਂ ਅਤੇ ਪਸ਼ੂਆਂ ਦਾ ਸੰਪੂਰਨ ਰਿਕਾਰਡ ਸੰਭਾਲਣ ਨੂੰ ਯਕੀਨੀ ਬਣਾਉਣ ਲਈ ਕਿਹਾ। ਸਰਕਾਰੀ ਕੈਟਲ ਪਾਊਂਡ ਦਾ ਕੀਤਾ ਦੌਰਾ ਮੀਟਿੰਗ ਤੋਂ ਬਾਅਦ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਰਕਾਰੀ ਕੈਟਲ ਪਾਊਂਡ ਫਾਜ਼ਿਲਕਾ ਦਾ ਦੌਰਾ ਵੀ ਕੀਤਾ। ਉਨ੍ਹਾਂ ਉੱਥੇ ਗਊਧਨ ਲਈ ਹਰੇ ਚਾਰੇ, ਸੁੱਕੇ ਚਾਰੇ, ਹੋਰ ਖੁਰਾਕ ਅਤੇ ਰੱਖ-ਰਖਾਅ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੂੰ ਗਊਧਨ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਹੋਰ ਲੋੜ ਹੈ ਤਾਂ ਉਸ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਲੋੜ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੀਮਤੀ ਭਗਤ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਗਊ ਸੇਵਾ ਕਮਿਸ਼ਨ ਵੱਲੋਂ ਗਊਧਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਫਾਜ਼ਿਲਕਾ ਦੀਆਂ ਗਊ ਸੇਵਾ ਵਿੱਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੇ ਉਪਰਾਲਿਆਂ ਅਤੇ ਸੇਵਾ ਭਾਵਨਾ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ, ਗਊ ਕਮਿਸ਼ਨ ਮੈਂਬਰ ਅਰੁਣ ਵਧਵਾ,ਮੁੱਖ ਖੇਤੀਬਾੜੀ ਅਫ਼ਸਰ ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ , ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ, ਅਹੁਦੇਦਾਰ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।