ਆਮਦਨ ’ਚ ਵਾਧੇ ਤੇ ਫਸਲੀ ਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ
ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ
Publish Date: Fri, 20 Feb 2026 03:54 PM (IST)
Updated Date: Fri, 20 Feb 2026 03:57 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ।ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ।ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗੀਆਂ ਬਲਕਿ ਪੰਜਾਬ ਨੂੰ ਉੱਚ-ਮੁੱਲ ਵਾਲੇ ਪ੍ਰੋਸੈਸਡ ਭੋਜਨ ਉਤਪਾਦਾਂ ਲਈ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਵੀ ਸਥਾਪਿਤ ਕਰਨਗੀਆਂ।ਇਸ ਖੇਤਰ ਦੇ ਮਿਰਚ ਉਤਪਾਦਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿੱਚ ਆਪਣੇ ਮੌਜੂਦਾ ਫਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਪਲਾਂਟ ਵਿੱਚ ਇੱਕ ਨਵੀਂ ਅਤਿ-ਆਧੁਨਿਕ ਮਿਰਚ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਮੀਟ੍ਰਿਕ ਟਨ ਪ੍ਰਤੀ ਘੰਟਾ ਦੀ ਵਿਆਪਕ ਸਮਰੱਥਾ ਦੇ ਨਾਲ, ਇਹ ਯੂਨਿਟ ਯੂਨਿਟ ਦੀ ਕੁੱਲ ਮਿਰਚ ਪ੍ਰੋਸੈਸਿੰਗ ਸਮਰੱਥਾ ਨੂੰ 1 ਮੀਟਰਕ ਟਨ ਪ੍ਰਤੀ ਘੰਟਾ ਤੋਂ ਵਧਾ ਕੇ 4 ਮੀਟਰਕ ਟਨ ਪ੍ਰਤੀ ਘੰਟਾ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਯੂਨਿਟ ਵਿੱਚ ਲਾਲ ਅਤੇ ਹਰੀਆਂ ਮਿਰਚਾਂ ਦੋਵਾਂ ਨੂੰ ਖਾਸ ਤੌਰ ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ ਵਿੱਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ਵਿੱਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰ ਸੀਜ਼ਨ ਵਿੱਚ ਲਗਭਗ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਵਿੱਚ ਭਾਰੀ ਕਮੀ ਲਿਆਉਣ ਵਿੱਚ ਮਦਦ ਕਰੇਗੀ।ਪੰਜਾਬ ਦੇ ਮਸ਼ਹੂਰ ਕਿੰਨੂ ਉਤਪਾਦਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਅਹਿਮ ਕਦਮ ਚੁੱਕਦਿਆਂ, ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਪਣੀ ਸਿਟਰਸ ਪ੍ਰੋਸੈਸਿੰਗ ਯੂਨਿਟ ਵਿੱਚ ਵੱਡਾ ਤਕਨੀਕੀ ਅਪਗ੍ਰੇਡ ਕੀਤਾ ਗਿਆ ਹੈ। ਇਸ ਅਪਗ੍ਰੇਡੇਸ਼ਨ ਤਹਿਤ ਉੱਨਤ ਮਸ਼ੀਨਰੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ ਇੱਕ ਡੀਐਸੀਡੀਫਿਕੇਸ਼ਨ ਯੂਨਿਟ, ਇੱਕ ਵਿਸ਼ੇਸ਼ ਸਿਟਰਸ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਅਤੇ ਇੱਕ ਡੀਬਿਟਰਿੰਗ ਯੂਨਿਟ ਸ਼ਾਮਲ ਹੈ। ਇਸ ਮੌਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜਵੀ ਮੌਜੂਦ ਸਨ।