ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ : ਅਨਿਲ ਠਾਕੁਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰy
Publish Date: Fri, 09 Oct 2026 04:44 PM (IST)
Updated Date: Fri, 09 Oct 2026 04:47 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜ਼ਿਲਕਾ ਵਿਖੇ ਮੀਟਿੰਗ ਕਰਕੇ ਵਪਾਰੀਆਂ ਵੱਲੋਂ ਦਿੱਤੀਆਂ ਗਈਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੀ ਦਿੱਖ ਸੁਧਾਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਤਹਿਤ ਹਰ ਜ਼ਿਲ੍ਹੇ ਲਈ 2 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਬਾਜ਼ਾਰਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਠਾਕੁਰ ਨੇ ਦੱਸਿਆ ਕਿ ਪੰਜਾਬ ਟਰੇਡਰਜ਼ ਕਮਿਸ਼ਨ ਕੋਲ ਹੁਣ ਤੱਕ ਲਗਭਗ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 6,000 ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਸਿਰਜਣ ਵਾਸਤੇ ਯਤਨਸ਼ੀਲ ਹੈ। 489 ਸ਼ਿਕਾਇਤਾਂ ’ਚੋਂ 86 ਫ਼ੀਸਦੀ ਦਾ ਨਿਪਟਾਰਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਵਪਾਰੀਆਂ ਵੱਲੋਂ ਲਗਭਗ 489 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 86 ਫ਼ੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਵਪਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਿਹਾ ਹੈ। ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਾਰੋਬਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਦੇਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੁਲ ਨਾਗਪਾਲ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫਾਜ਼ਿਲਕਾ ਦੇ ਚੇਅਰਮੈਨ ਅਨੁਰਾਜ ਅਹੂਜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮਿਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।