ਪਾਰਲੀਮੈਂਟ ਮਾਰਚ ਦੀਆਂ ਤਿਆਰੀਆਂ ਸਬੰਧੀ ਕੀਤਾ ਵਿਚਾਰ-ਵਟਾਂਦਰਾ ਬਨੇਗਾ ਦੀ ਪ੍ਰਾਪਤੀ ਲਈ ਪੰਜਾਬ ਦੀ ਜਵਾਨੀ 7 ਦਸੰਬਰ ਨੂੰ ਦਿੱਲੀ ਵੱਲ ਕਰੇਗੀ ਕੂਚ : ਛਾਂਗਾ ਰਾਏ, ਧਰਮੂਵਾਲਾ
Publish Date: Sat, 28 Nov 2026 03:15 PM (IST)
Updated Date: Sat, 28 Nov 2026 03:16 PM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ , ਜਲਾਲਾਬਾਦ : ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀਆਂ ਕੌਮੀ ਕੌਂਸਲਾਂ ਦੇ ਫ਼ੈਸਲੇ ਅਨੁਸਾਰ 7 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਪਾਰਲੀਮੈਂਟ ਮਾਰਚ ਦੀਆਂ ਤਿਆਰੀਆਂ ਸਬੰਧੀ ਸਥਾਨਕ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਫਾਜ਼ਿਲਕਾ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ੁਬੇਗ ਝੰਗੜ੍ਹ ਭੈਣੀ ਅਤੇ ਵਿਦਿਆਰਥੀ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਨੇ ਕੀਤੀ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨਾਲ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਵੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਰਮਨ ਧਰਮੂਵਾਲਾ ਨੇ ਕਿਹਾ ਕਿ 7 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾ ਰਿਹਾ ਪਾਰਲੀਮੈਂਟ ਮਾਰਚ ਇਤਿਹਾਸਕ ਸਾਬਤ ਹੋਵੇਗਾ। ਇਹ ਮਾਰਚ ਦੇਸ਼ ਦੀ ਜਵਾਨੀ ਨੂੰ ਰੁਜ਼ਗਾਰ ਅਤੇ ਸਿੱਖਿਆ ਦੇ ਅਧਿਕਾਰਾਂ ਦੀ ਪ੍ਰਾਪਤੀ ਲਈ ਲਾਮਬੰਦ ਕਰੇਗਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਲਈ ਰੁਜ਼ਗਾਰ ਦੀ ਗਾਰੰਟੀ ਯਕੀਨੀ ਬਣਾਉਣ ਵਾਸਤੇ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ) ਲਾਗੂ ਕਰਵਾਉਣਾ, ਮੁਫ਼ਤ ਸਿੱਖਿਆ ਦੀ ਪ੍ਰਾਪਤੀ ਅਤੇ ਵੋਟ ਚੋਰੀ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਇਸ ਮਾਰਚ ਦੇ ਮੁੱਖ ਮੁੱਦੇ ਹੋਣਗੇ। ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਣੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਗੁਰਦਿਆਲ ਸਿੰਘ, ਕੁਲਦੀਪ ਬੱਖੂ ਸ਼ਾਹ, ਰਾਜਵਿੰਦਰ ਨੌਲਾਂ, ਛਿੰਦਰ ਮਹਾਲਮ, ਸਤੀਸ਼ ਛੱਪੜੀ ਵਾਲਾ, ਤੇਜਾ ਸਿੰਘ ਅਮੀਰ ਖਾਸ, ਰਮੇਸ਼ ਪੀਰ ਮੁਹੰਮਦ ਅਤੇ ਪੰਮਾ ਥਾਰੇ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।