ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Publish Date: Tue, 28 Jul 2026 04:35 PM (IST)
Updated Date: Tue, 28 Jul 2026 04:37 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਦੇ ਮੱਦੇਨਜ਼ਰ ਫਾਜ਼ਿਲਕਾ ਨਗਰ ਕੌਂਸਲ ਦੀ ਪ੍ਰਧਾਨ ਅਨੀਤਾ ਜੈਰਥ ਦੇ ਯਤਨਾਂ ਸਦਕਾ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਰੱਖੀਆਂ। ਇਸ ਮੌਕੇ ਯੂਨੀਅਨ ਨੇ ਸਰਕਾਰ ਤੋਂ ਜਲਦ ਮੰਗਾਂ ਦਾ ਹੱਲ ਕਰਕੇ ਹੜਤਾਲ ਖਤਮ ਕਰਵਾਉਣ ਦੀ ਮੰਗ ਕੀਤੀ। ਪ੍ਰਧਾਨ ਅਨੀਤਾ ਜੈਰਥ ਨੇ ਦੱਸਿਆ ਕਿ ਸਫਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਹੜਤਾਲ ਕਾਰਨ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਦੀ ਰਾਜਪਾਲ ਨਾਲ ਮੁਲਾਕਾਤ ਕਰਵਾਈ, ਤਾਂ ਜੋ ਮਾਮਲੇ ਦਾ ਜਲਦੀ ਹੱਲ ਨਿਕਲ ਸਕੇ। ਮੁਲਾਕਾਤ ਦੌਰਾਨ ਯੂਨੀਅਨ ਦੇ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਸਫਾਈ ਕਰਮਚਾਰੀਆਂ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਲੰਬਿਤ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਪ੍ਰਗਟਾਈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਸਹਿਮਤੀ ਨਾਲ ਜਲਦ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਹੜਤਾਲ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਬੀ ਚੱਲ ਰਹੀ ਹੜਤਾਲ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ। ਮੁਲਾਕਾਤ ਤੋਂ ਬਾਅਦ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਲਵਲੀ ਵਾਲਮੀਕੀ, ਫਤਿਹ ਚੰਦ ਅਤੇ ਹੋਰ ਨੁਮਾਇੰਦਿਆਂ ਨੇ ਪ੍ਰਧਾਨ ਅਨੀਤਾ ਜੈਰਥ, ਅਸ਼ੋਕ ਜੈਰਥ ਅਤੇ ਵਿਨੋਦ ਜਾਂਗਿੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੀ ਆਵਾਜ਼ ਰਾਜਪਾਲ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਜਲਦ ਸਕਾਰਾਤਮਕ ਫ਼ੈਸਲਾ ਲੈ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ।