- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਵਿੱਚ ਗੂੰਜਿਆ ਅਬੋਹਰ ਦਾ ਰਾਈਜ਼ਿੰਗ ਮੇਨ ਪ੍ਰਾਜੈਕਟ ਦਾ ਮੁੱਦਾ, ਵਿਧਾਇਕ ਜਾਖੜ ਦੀ ਮੰਗ ’ਤੇ ਮੰਤਰੀ ਨੇ ਦਿੱਤਾ ਜਲਦ ਕੰਮ ਸ਼ੁਰੂ ਕਰਨ ਦਾ ਭਰੋਸਾ
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ
ਅਬੋਹਰ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪੰਜਵੇਂ ਦਿਨ ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਨੇ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਰਾਈਜ਼ਿੰਗ ਮੇਨ ਪ੍ਰਾਜੈਕਟ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਜਰਜਰ ਰਾਈਜ਼ਿੰਗ ਮੇਨ ਪਾਈਪਲਾਈਨ ਕਾਰਨ ਹਜ਼ਾਰਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਇਸ ਪ੍ਰਾਜੈਕਟ ਦਾ ਕੰਮ ਬਿਨਾਂ ਕਿਸੇ ਹੋਰ ਦੇਰੀ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਵਿਧਾਇਕ ਦੀ ਮੰਗ ’ਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਰਾਈਜ਼ਿੰਗ ਮੇਨ ਪ੍ਰਾਜੈਕਟ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ। ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ 37.46 ਕਰੋੜ ਰੁਪਏ ਦੀ ਰਾਈਜ਼ਿੰਗ ਮੇਨ ਪ੍ਰਾਜੈਕਟ ਨੂੰ ਪ੍ਰਸ਼ਾਸਨਿਕ ਮਨਜ਼ੂਰੀ ਮਿਲ ਚੁੱਕੀ ਹੈ। ਪ੍ਰਾਜੈਕਟ ਦੀ ਕੁੱਲ ਲਾਗਤ ਦਾ 80 ਫੀਸਦੀ ਹਿੱਸਾ ਕੇਂਦਰ ਸਰਕਾਰ ਅਤੇ 20 ਫੀਸਦੀ ਹਿੱਸਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਵੱਲੋਂ ਪ੍ਰਾਜੈਕਟ ਲਈ 2 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਟੈਂਡਰ 13 ਅਗਸਤ ਨੂੰ ਖੋਲ੍ਹਿਆ ਜਾਵੇਗਾ, ਜਿਸ ਤੋਂ ਬਾਅਦ ਉਸਾਰੀ ਦਾ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਚਿਰਾਗ ਢਾਣੀ, ਕਿਲਿਆਂਵਾਲੀ, ਸੈਦਾਂਵਾਲੀ ਸਮੇਤ ਕਈ ਪਿੰਡਾਂ ਦੇ ਲੋਕ ਪਿਛਲੇ ਚਾਰ ਸਾਲਾਂ ਤੋਂ ਰਾਈਜ਼ਿੰਗ ਮੇਨ ਦੀ ਮਾੜੀ ਹਾਲਤ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪ੍ਰਾਜੈਕਟ ਮੁਕੰਮਲ ਹੋਣ ਨਾਲ ਪਾਣੀ ਦੀ ਨਿਕਾਸੀ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਜਲ-ਭਰਾਅ ਤੇ ਇਸ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਰਾਹਤ ਮਿਲੇਗੀ। ਵਿਧਾਇਕ ਜਾਖੜ ਨੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਇਸ ਮਹੱਤਵਪੂਰਨ ਜਨਹਿੱਤ ਦੇ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਾਜੈਕਟ ਨੂੰ ਪ੍ਰਸ਼ਾਸਨਿਕ ਮਨਜ਼ੂਰੀ ਮਿਲਣ, ਨਗਰ ਨਿਗਮ ਵੱਲੋਂ ਆਪਣਾ ਹਿੱਸਾ ਜਾਰੀ ਕਰਨ ਅਤੇ ਟੈਂਡਰ ਪ੍ਰਕਿਰਿਆ ਅੰਤਿਮ ਪੜਾਅ ਵਿੱਚ ਹੋਣ ਤੋਂ ਬਾਅਦ ਹੁਣ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਪ੍ਰਸ਼ਾਸਨਿਕ ਰੁਕਾਵਟ ਨਾ ਆਉਣ ਦਿੱਤੀ ਜਾਵੇ। ਵਿਧਾਨ ਸਭਾ ਵਿੱਚ ਮੁੱਦਾ ਉਠਾਉਣ ਤੋਂ ਬਾਅਦ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਰਾਜਨੀਤੀ ਕਰਨਾ ਨਹੀਂ, ਸਗੋਂ ਅਬੋਹਰ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ’ਤੇ ਖਰਾ ਉਤਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਸ਼ਹਿਰ ਅਤੇ ਪਿੰਡਾਂ ਨਾਲ ਸਬੰਧਤ ਹਰ ਜਨਹਿੱਤ ਦੇ ਮੁੱਦੇ ਨੂੰ ਉਹ ਪੂਰੀ ਮਜ਼ਬੂਤੀ ਨਾਲ ਵਿਧਾਨ ਸਭਾ ਵਿੱਚ ਉਠਾਉਂਦੇ ਰਹਿਣਗੇ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨ ਕਰਦੇ ਰਹਿਣਗੇ।