ਲੁੱਟ ਦੀ ਨੀਅਤ ਨਾਲ ਘਰ ’ਚ ਦਾਖ਼ਲ ਹੋਏ ਲੁਟੇਰਿਆਂ ਵੱਲੋਂ 80 ਸਾਲਾ ਬਜ਼ੁਰਗ ਦੀ ਗਲਾ ਘੁੱਟ ਕੇ ਹੱਤਿਆ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਏ ਲੁਟੇਰਿਆਂ ਨੇ 80 ਸਾਲਾ ਬਜ਼ੁਰਗ ਮਹਿਲਾ ਦਾ ਗਲਾ ਘੁੱਟ ਕੇ ਕੀਤਾ ਕਤਲ
Publish Date: Wed, 11 Nov 2026 05:25 PM (IST)
Updated Date: Wed, 11 Nov 2026 05:27 PM (IST)
ਬੰਪਲ ਬਠੇਜਾ /ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸਥਾਨਕ ਡੀਏਵੀ ਕਾਲਜ ਦੇ ਪਿੱਛੇ ਸਥਿਤ ਪਿੰਡ ਕਨਲਾ ਵਾਲੇ ਝੁੱਗੇ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਏ ਅਣਪਛਾਤੇ ਲੁਟੇਰਿਆਂ ਨੇ 80 ਸਾਲਾ ਬਜ਼ੁਰਗ ਮਹਿਲਾ ਦਾ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਘਰ ਵਿੱਚੋਂ ਨਕਦੀ ਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ ਇੰਦਰੋ ਬਾਈ (80) ਵਜੋਂ ਹੋਈ ਹੈ। ਮ੍ਰਿਤਕਾ ਦੇ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਕੰਮ ’ਤੇ ਚਲਾ ਗਿਆ ਸੀ। ਇਸ ਦੌਰਾਨ ਉਸ ਦੀ ਪਤਨੀ ਨੇ ਫੋਨ ਕਰਕੇ ਘਰ ਵਿੱਚ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਜਦੋਂ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਮਾਤਾ ਇੰਦਰੋ ਬਾਈ ਦੇ ਪੈਰ ਸ਼ਾਲ ਨਾਲ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਦਾ ਗਲਾ ਚੁੰਨੀ ਨਾਲ ਘੁੱਟਿਆ ਹੋਇਆ ਸੀ। ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਸੁਰਜੀਤ ਸਿੰਘ ਅਨੁਸਾਰ ਲੁਟੇਰੇ ਘਰ ਵਿੱਚੋਂ ਕਰੀਬ 50 ਹਜ਼ਾਰ ਰੁਪਏ ਦੀ ਨਕਦੀ, ਮਾਤਾ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਅਤੇ ਹੱਥਾਂ ਵਿੱਚ ਪਾਏ ਚਾਂਦੀ ਦੇ ਕੜੇ ਲਾਹ ਕੇ ਲੈ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ’ਚ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਸਰਪੰਚ ਨੇ ਚੁੱਕੇ ਸਵਾਲ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਵੀ ਗੰਭੀਰ ਸਵਾਲ ਉੱਠਣ ਲੱਗੇ ਹਨ। ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਦਾ ਕਾਰੋਬਾਰ ਦਿਨੋ-ਦਿਨ ਵਧ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਅਣਪਛਾਤੇ ਵਿਅਕਤੀਆਂ ਦੀ ਆਵਾਜਾਈ ਬਣੀ ਰਹਿੰਦੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਨਸ਼ੇ ਦੀ ਲਤ ਕਾਰਨ ਕੁਝ ਵਿਅਕਤੀ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਏ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਮਹਿਲਾ ਵੱਲੋਂ ਪਛਾਣ ਲਏ ਜਾਣ ਦੇ ਡਰੋਂ ਮੁਲਜ਼ਮਾਂ ਨੇ ਉਸ ਦਾ ਕਤਲ ਕਰ ਦਿੱਤਾ ਹੋਵੇਗਾ। ਨਸ਼ੇ ਦੇ ਹਾਟਸਪਾਟ ਥਾਵਾਂ ’ਤੇ ਕੀਤੀ ਜਾ ਰਹੀ ਕਾਰਵਾਈ : ਪੁਲਿਸ ਪਿੰਡ ਵਿੱਚ ਨਸ਼ੇ ਦੇ ਕਥਿਤ ਕਾਰੋਬਾਰ ਸਬੰਧੀ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਜਦੋਂ ਉਪ ਮੰਡਲ ਵਿੱਚ ਪੁਲਿਸ ਉਪ ਕਪਤਾਨ ਦਾ ਵਾਧੂ ਚਾਰਜ ਸੰਭਾਲ ਰਹੇ ਲਵਜੀਤ ਸਿੰਘ ਗਿੱਲ (ਪੀਪੀਐੱਸ) ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਥਾਣੇ ਦੇ ਮੁਖੀ ਹੀ ਜਾਣਕਾਰੀ ਦੇ ਸਕਦੇ ਹਨ। ਬਾਅਦ ਵਿੱਚ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ੇ ਦੇ ਹਾਟਸਪਾਟ ਇਲਾਕਿਆਂ ਵਿੱਚ ਕਾਰਵਾਈ ਲਈ ਕੰਮ ਕੀਤਾ ਜਾ ਰਿਹਾ ਹੈ ਜਦੋਂ ਉਨ੍ਹਾਂ ਨੂੰ ਪਿੰਡ ਵਿੱਚ ਕਥਿਤ ਤੌਰ ’ਤੇ ਨਸ਼ਾ ਵਿਕਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਅਤੇ ਪਿੰਡ ਵਿੱਚ ਨਸ਼ੇ ਦੀ ਵਿਕਰੀ ਬਾਰੇ ਅਣਜਾਣਤਾ ਪ੍ਰਗਟਾਈ। ਦੂਜੇ ਪਾਸੇ ਪਿੰਡ ਦੇ ਸਰਪੰਚ ਅਤੇ ਹੋਰ ਵਸਨੀਕਾਂ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਪੁਲਿਸ ਵੱਲੋਂ ਹੁਣ ਤੱਕ ਪਿੰਡ ਵਿੱਚ ਨਸ਼ੇ ਵਿਰੁੱਧ ਕੋਈ ਵਿਭਾਗੀ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ ਉੱਧਰ, ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਸਹਾਇਕ ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਵਾਰਦਾਤ ਨੇ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਪਿੰਡ ਵਿੱਚ ਨਸ਼ੇ ਦੇ ਕਾਰੋਬਾਰ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ।