ਅਬੋਹਰ 'ਚ CM ਮਾਨ ਦੇ ਦੌਰੇ ਤੋਂ ਪਹਿਲਾਂ ਹੰਗਾਮਾ, ਵਿਧਾਇਕ ਜਾਖੜ, ਮੇਅਰ ਤੇ ਪੀੜਤ ਪਰਿਵਾਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਕਿਸ਼ਤ ਜਾਰੀ ਕਰਨ ਪਹੁੰਚ ਰਹੇ ਸਨ। ਇਸ ਮੌਕੇ ਉਨ੍ਹਾਂ ਅਜੈ ਦੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਫੈਸਲਾ ਕੀਤਾ ਸੀ ਤਾਂ ਜੋ ਪਰਿਵਾਰ ਆਪਣੀ ਪੀੜਾ ਸਿੱਧੇ ਮੁੱਖ ਮੰਤਰੀ ਸਾਹਮਣੇ ਰੱਖ ਸਕੇ ਅਤੇ ਇਨਸਾਫ਼ ਲਈ ਠੋਸ ਕਾਰਵਾਈ ਦੀ ਮੰਗ ਕਰ ਸਕੇ।
Publish Date: Sun, 01 Nov 2026 02:10 PM (IST)
Updated Date: Sun, 01 Nov 2026 02:24 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਅਬੋਹਰ: ਅਬੋਹਰ 'ਚ ਹੋਏ ਅਜੈ ਕਤਲ ਕਾਂਡ ਨੂੰ ਲੈ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਗਾਤਾਰ ਤੇਜ਼ ਹੋ ਰਹੀ ਹੈ। ਇਸੇ ਦੌਰਾਨ ਐਤਵਾਰ ਨੂੰ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਪੀੜਤ ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਵਿਧਾਇਕ ਸੰਦੀਪ ਜਾਖੜ, ਉਨ੍ਹਾਂ ਦੇ ਸਮਰਥਕਾਂ ਅਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ। ਇਸ ਕਾਰਵਾਈ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ।
ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਕਿਸ਼ਤ ਜਾਰੀ ਕਰਨ ਪਹੁੰਚ ਰਹੇ ਸਨ। ਇਸ ਮੌਕੇ ਉਨ੍ਹਾਂ ਅਜੈ ਦੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਫੈਸਲਾ ਕੀਤਾ ਸੀ ਤਾਂ ਜੋ ਪਰਿਵਾਰ ਆਪਣੀ ਪੀੜਾ ਸਿੱਧੇ ਮੁੱਖ ਮੰਤਰੀ ਸਾਹਮਣੇ ਰੱਖ ਸਕੇ ਅਤੇ ਇਨਸਾਫ਼ ਲਈ ਠੋਸ ਕਾਰਵਾਈ ਦੀ ਮੰਗ ਕਰ ਸਕੇ।
ਜਾਖੜ ਅਨੁਸਾਰ, ਉਨ੍ਹਾਂ ਦੇ ਨਾਲ ਮੇਅਰ ਅਤੇ ਪੀੜਤ ਪਰਿਵਾਰ ਦੇ ਚਾਰ ਹੋਰ ਮੈਂਬਰ ਵੀ ਮੁੱਖ ਮੰਤਰੀ ਨੂੰ ਮਿਲਣ ਜਾਣ ਵਾਲੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਹੀ ਰੋਕ ਲਿਆ ਤੇ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਵਾਈ ਕਾਰਨ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਤਕ ਆਪਣੀ ਗੱਲ ਪਹੁੰਚਾਉਣ ਦਾ ਮੌਕਾ ਵੀ ਨਹੀਂ ਮਿਲਿਆ।
ਇਸ ਕਾਰਵਾਈ ’ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ 'ਚ ਔਰਤਾਂ ਅਤੇ ਆਮ ਲੋਕਾਂ ਦੇ ਸਨਮਾਨ ਦੀ ਗੱਲ ਕਰਦਿਆਂ ਨਵੀਂ ਯੋਜਨਾ ਸ਼ੁਰੂ ਕਰਨ ਆ ਰਹੇ ਹਨ, ਜਦਕਿ ਦੂਜੇ ਪਾਸੇ ਇੱਕ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਨੂੰ ਉਨ੍ਹਾਂ ਨਾਲ ਮਿਲਣ ਤਕ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਅਜੈ ਦੀ ਹੱਤਿਆ ਤੋਂ ਬਾਅਦ ਪਰਿਵਾਰ ਪਹਿਲਾਂ ਹੀ ਗਹਿਰੇ ਸਦਮੇ ਵਿੱਚ ਹੈ। ਪਰਿਵਾਰ ਲਗਾਤਾਰ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।
ਜਾਖੜ ਨੇ ਪੰਜਾਬ ਸਰਕਾਰ ’ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਤੰਤਰ ਵਿੱਚ ਜਨਪ੍ਰਤੀਨਿਧੀਆਂ ਅਤੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਸਾਹਮਣੇ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਨੂੰ ਮੁੱਖ ਮੰਤਰੀ ਨਾਲ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?
ਵਿਧਾਇਕ ਨੇ ਮੰਗ ਕੀਤੀ ਕਿ ਅਜੈ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਭਰੋਸਿਆਂ ਨਾਲ ਪਰਿਵਾਰ ਦੇ ਦੁੱਖ ਨੂੰ ਘੱਟ ਨਹੀਂ ਕੀਤਾ ਜਾ ਸਕਦਾ।