- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਉਪ ਮੰਡਲ ਅਧੀਨ ਪੈਂਦੇ ਪਿੰਡ ਕਿਲ੍ਹਿਆਂਵਾਲੀ ਦੇ 27 ਸਾਲਾ ਕਬੱਡੀ ਖਿਡਾਰੀ ਸੁਨੀਲ ਕੁਮਾਰ ਦੀ ਬੁੱਧਵਾਰ ਦੇਰ ਰਾਤ ਟ੍ਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ, ਅਬੋਹਰ : ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਉਪ ਮੰਡਲ ਅਧੀਨ ਪੈਂਦੇ ਪਿੰਡ ਕਿਲ੍ਹਿਆਂਵਾਲੀ ਦੇ 27 ਸਾਲਾ ਕਬੱਡੀ ਖਿਡਾਰੀ ਸੁਨੀਲ ਕੁਮਾਰ ਦੀ ਬੁੱਧਵਾਰ ਦੇਰ ਰਾਤ ਟ੍ਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਤੇਜਾ ਸਿੰਘ ਪੇਸ਼ੇ ਤੋਂ ਨਾਈ ਦਾ ਕੰਮ ਕਰਦਾ ਸੀ ਅਤੇ ਇਸੇ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਹ ਕਬੱਡੀ ਦਾ ਹੋਣਹਾਰ ਖਿਡਾਰੀ ਸੀ ਅਤੇ ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਵਿੱਚ ਹੋਈਆਂ ਕਈ ਕਬੱਡੀ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈ ਚੁੱਕਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਬੁੱਧਵਾਰ ਰਾਤ ਸੁਨੀਲ ਬਿਸਕੁਟ ਲੈਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਘਰ ਨਾ ਪਰਤਣ 'ਤੇ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਸੂਚਨਾ ਮਿਲੀ ਕਿ ਪਿੰਡ ਨੇੜੇ ਰੇਲਵੇ ਟਰੈਕ 'ਤੇ ਉਸ ਦੀ ਮੌਤ ਹੋ ਚੁੱਕੀ ਹੈ। ਸੂਚਨਾ ਮਿਲਣ 'ਤੇ ਜੀਆਰਪੀ ਦੇ ਕਰਮਚਾਰੀ ਜਸਵੰਤ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਉਪਕਾਰ ਜਾਖੜ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੁਨੀਲ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਆਰਥਿਕ ਅਤੇ ਸਮਾਜਿਕ ਸਹਾਇਤਾ ਦਿਵਾਉਣ ਲਈ ਯਤਨ ਕੀਤੇ ਜਾਣਗੇ।