- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਭੜਕੇ ਸਫ਼ਾਈ ਕਰਮਚਾਰੀ, ਫਾਜ਼ਿਲਕਾ 'ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

- ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰੀ ਸਰਕਾਰ, ਮੰਗਾਂ ਪੂਰੀਆਂ ਹੋਣ ਤੱਕ ਕੰਮ ਠੱਪ ਰੱਖਣ ਦਾ ਐਲਾਨ
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ
ਫਾਜ਼ਿਲਕਾ : ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਫਾਜ਼ਿਲਕਾ ਦੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਡਰਾਈਵਰਾਂ ਨੇ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਨੂੰ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਮੀਤ ਪ੍ਰਧਾਨ ਫਤਿਹ ਬੋਹਤ ਨੇ ਕੀਤੀ। ਇਸ ਮੌਕੇ ਪ੍ਰਧਾਨ ਲਵਲੀ ਵਾਲਮੀਕੀ, ਪ੍ਰਧਾਨ ਸੁਭਾਸ਼ ਚੰਦਰ, ਸਕੱਤਰ ਅਰੁਣ ਦਿਲਵਾਲ, ਨਟਵਰ ਸਰਵਨ, ਓਮ ਪ੍ਰਕਾਸ਼, ਸੰਜੇ ਸਰਵਨ, ਮੋਹਨ ਲਾਲ, ਵਿਨੈ ਪਰਵਾਨਾ, ਰਿੰਕੂ ਘਟੈਰਾ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਕਰੀਬ ਦੋ ਮਹੀਨੇ ਪਹਿਲਾਂ ਤਿੰਨ ਹਫ਼ਤਿਆਂ ਤੱਕ ਚੱਲੀ ਹੜਤਾਲ ਦੌਰਾਨ ਮੋਹਾਲੀ ਵਿੱਚ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਉਸ ਸਮੇਂ ਕਰਮਚਾਰੀਆਂ ਨੇ ਸਰਕਾਰ ਦੀ ਅਪੀਲ ’ਤੇ ਹੜਤਾਲ ਖ਼ਤਮ ਕਰ ਦਿੱਤੀ ਸੀ, ਪਰ ਨਗਰ ਕੌਂਸਲ ਚੋਣਾਂ ਮੁਕੰਮਲ ਹੁੰਦਿਆਂ ਹੀ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਅਤੇ ਅੱਜ ਤੱਕ ਕਿਸੇ ਵੀ ਮੰਗ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਤਨਖ਼ਾਹਾਂ ਵਿੱਚ ਵਾਧਾ ਕਰਨ, ਖਾਲੀ ਅਸਾਮੀਆਂ ਭਰਨ ਅਤੇ ਹੋਰ ਪੈਂਡਿੰਗ ਮੰਗਾਂ ਨੂੰ ਸਰਕਾਰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ। ਯੂਨੀਅਨ ਨੇ ਐਲਾਨ ਕੀਤਾ ਕਿ ਹੜਤਾਲ ਦੌਰਾਨ ਸਫ਼ਾਈ, ਸੀਵਰੇਜ ਅਤੇ ਹੋਰ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਦੇ ਹਨ ਜਾਂ ਸਫ਼ਾਈ ਵਿਵਸਥਾ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਅੰਦੋਲਨ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੇ ਹੱਕਾਂ ਲਈ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।