ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਰੋਸ, ਪੰਜਾਬ ਸਰਕਾਰ ਦੀ ਅਰਥੀ ਫੂਕੀ
ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਰੋਸ, ਨਗਰ ਕੌਂਸਲ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Fri, 13 Mar 2026 04:36 PM (IST)
Updated Date: Fri, 13 Mar 2026 04:39 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮਿਊਨਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ 11 ਤੇ 12 ਮਾਰਚ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਸਫਾਈ ਸੇਵਕ ਯੂਨੀਅਨ ਵੱਲੋਂ ਬੀਤੇ ਦਿਨ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ ਸੀ। ਅੱਜ ਇਸੇ ਕੜੀ ਤਹਿਤ ਸਫਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਨਗਰ ਕੌਂਸਲ ਦਫ਼ਤਰ ਵਿਖੇ ਗੇਟ ਰੈਲੀ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਵੀ ਰੈਲੀ ਵਿੱਚ ਸ਼ਾਮਲ ਹੋਈਆਂ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਅਤੇ ਵਾਈਸ ਪ੍ਰਧਾਨ ਰਵੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੁੱਖ ਮੰਗਾਂ ਵਿੱਚ ਕੰਟਰੈਕਟ ਅਤੇ ਆਉਟਸੋਰਸਿੰਗ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨਾ, ਤਨਖਾਹਾਂ ਵਿੱਚ ਵਾਧਾ ਕਰਨਾ, ਬਕਾਇਆ ਤਨਖਾਹਾਂ ਜਾਰੀ ਕਰਨਾ, ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣਾ ਅਤੇ ਸੇਵਾ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਦੇ ਧਿਆਨ ਵਿੱਚ ਇਹ ਮਸਲੇ ਲਿਆਂਦੇ ਜਾਣ ਦੇ ਬਾਵਜੂਦ ਕੋਈ ਢੰਗ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਸਫਾਈ ਸੇਵਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਕਾਰਨ ਸਫਾਈ ਸੇਵਕ ਯੂਨੀਅਨ ਆਪਣੇ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਯੂਨੀਅਨ ਦੇ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਮੌਜੂਦ ਸਨ।