ਸਰਦਾਰ ਪਟੇਲ ਦੀ ਵਿਰਾਸਤ ਕੌਮੀ ਏਕਤਾ ਤੇ ਅਖੰਡਤਾ ਦੀ ਮਜ਼ਬੂਤ ਨੀਂਹ ਸਰਦਾਰ ਪਟੇਲ ਦੀ ਵਿਰਾਸਤ ਕੌਮੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤ ਨੀਂਹ : ਅਸ਼ਵਨੀ ਫੁਟੇਲਾ
Publish Date: Thu, 29 Oct 2026 04:16 PM (IST)
Updated Date: Fri, 30 Oct 2026 04:01 AM (IST)
-ਰਾਸ਼ਟਰੀ ਏਕਤਾ ਦਿਵਸ ’ਤੇ ਵਿਭਿੰਨਤਾ ਦਾ ਸਤਿਕਾਰ, ਸਮਾਵੇਸ਼ੀ ਵਿਕਾਸ ਅਤੇ ਆਪਸੀ ਭਰੋਸੇ ਦਾ ਦਿੱਤਾ ਸੁਨੇਹਾ ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਸ਼ਵਨੀ ਫੁਟੇਲਾ ਨੇ ਰਾਸ਼ਟਰੀ ਏਕਤਾ ਦਿਵਸ ਦੇ ਸੰਦਰਭ ਵਿੱਚ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਦੀ ਵਿਰਾਸਤ ਅੱਜ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਜ਼ਬੂਤੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਦਾ ਅਰਥ ਸਿਰਫ਼ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨਾ ਹੀ ਨਹੀਂ, ਸਗੋਂ ਵੱਖ-ਵੱਖ ਭਾਸ਼ਾਵਾਂ, ਸਭਿਆਚਾਰਾਂ ਅਤੇ ਭਾਈਚਾਰਿਆਂ ਦੇ ਲੋਕਾਂ ਨੂੰ ਸਾਂਝੇ ਰਾਸ਼ਟਰੀ ਉਦੇਸ਼ ਨਾਲ ਜੋੜਨਾ ਵੀ ਹੈ। ਅਸ਼ਵਨੀ ਫੁਟੇਲਾ ਨੇ ਕਿਹਾ ਕਿ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਰਿਆਸਤਾਂ ਦੇ ਰਲੇਵੇਂ ਵਿੱਚ ਸਰਦਾਰ ਪਟੇਲ ਦੀ ਭੂਮਿਕਾ ਇਤਿਹਾਸਕ ਰਹੀ ਹੈ। ਉਨ੍ਹਾਂ ਦੀ ਦੂਰਅੰਦੇਸ਼ੀ, ਦ੍ਰਿੜ੍ਹ ਇਰਾਦੇ ਅਤੇ ਅਗਵਾਈ ਨੇ ਇਕਜੁੱਟ ਭਾਰਤ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੇ ਹਰ ਖੇਤਰ ਤੱਕ ਵਿਕਾਸ ਦੇ ਲਾਭ ਪਹੁੰਚਾਉਣਾ ਜ਼ਰੂਰੀ ਹੈ। ਸਿੱਖਿਆ, ਸਿਹਤ, ਰੁਜ਼ਗਾਰ, ਆਵਾਜਾਈ ਅਤੇ ਡਿਜੀਟਲ ਸਹੂਲਤਾਂ ਦੇ ਵਿਸਥਾਰ ਨਾਲ ਲੋਕਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਦੇ ਹਨ ਅਤੇ ਰਾਸ਼ਟਰੀ ਸੰਸਥਾਵਾਂ ਪ੍ਰਤੀ ਭਰੋਸਾ ਵਧਦਾ ਹੈ। ਭਾਰਤ ਦੀ ਅਸਲ ਤਾਕਤ ਇਸ ਦੀ ਵਿਭਿੰਨਤਾ ਵਿੱਚ ਹੈ। ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸਭਿਆਚਾਰਾਂ ਦਾ ਸਤਿਕਾਰ ਕਰਦਿਆਂ ਸਾਂਝੇ ਸੰਵਿਧਾਨਕ ਮੁੱਲਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਨੌਜਵਾਨ ਪੀੜ੍ਹੀ ਨੂੰ ਵੀ ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅਸ਼ਵਨੀ ਫੁਟੇਲਾ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਿਰਫ਼ ਇੱਕ ਇਤਿਹਾਸਕ ਸ਼ਖ਼ਸੀਅਤ ਨੂੰ ਯਾਦ ਕਰਨ ਦਾ ਮੌਕਾ ਨਹੀਂ, ਸਗੋਂ ਹਰ ਨਾਗਰਿਕ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੰਦੇਸ਼ ਵੀ ਦਿੰਦਾ ਹੈ। ਸਰਦਾਰ ਪਟੇਲ ਦੀ ਵਿਰਾਸਤ ਤੋਂ ਪ੍ਰੇਰਣਾ ਲੈਂਦਿਆਂ ਸਾਨੂੰ ਆਪਸੀ ਸਤਿਕਾਰ, ਸਹਿਯੋਗ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।