ਰੋਜ਼ਾਨਾ ਹੋ ਰਹੀ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ: ਡਾ. ਕਵਿਤਾ ਸਿੰਘ
ਜ਼ਿਲ੍ਹੇ ਵਿੱਚ ਰੋਜ਼ਾਨਾ ਹੋ ਰਹੀ ਹੈ ਤਪਦਿਕ ਦੇ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ: ਡਾ. ਕਵਿਤਾ ਸਿੰਘ
Publish Date: Mon, 11 May 2026 06:04 PM (IST)
Updated Date: Mon, 11 May 2026 06:06 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਨੈਸ਼ਨਲ ਤਪਦਿਕ ਐਲੀਮੀਨੇਸ਼ਨ ਪ੍ਰੋਗਰਾਮ ਅਧੀਨ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ, ਸਲੱਮ ਇਲਾਕਿਆਂ ਅਤੇ ਹਾਈ ਰਿਸਕ ਖੇਤਰਾਂ ਵਿੱਚ ਟੀ.ਬੀ. ਦੀ ਸਕ੍ਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਵਿੱਚ ਸ਼ੱਕੀ ਮਰੀਜ਼ਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦਾ ਇਲਾਜ ਵੀ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਮੁਹਿੰਮ ਦਾ ਮਕਸਦ ਸਮੇਂ ਸਿਰ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਕਰਕੇ ਬਿਮਾਰੀ ‘ਤੇ ਕਾਬੂ ਪਾਉਣਾ ਹੈ, ਤਾਂ ਜੋ ਪੰਜਾਬ ਨੂੰ ਟੀ.ਬੀ. ਮੁਕਤ ਰਾਜ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਸ ਮੀਡੀਆ ਵਿੰਗ ਅਤੇ ਫੀਲਡ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਤਪਦਿਕ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨੀਲੂ ਚੁੱਘ ਅਤੇ ਅਬੋਹਰ ਟੀ.ਬੀ. ਹਸਪਤਾਲ ਦੇ ਇੰਚਾਰਜ ਡਾ. ਸੌਰਭ ਫੁਟੇਲਾ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ 60 ਸਾਲ ਤੋਂ ਵੱਧ ਉਮਰ ਦੇ ਲੋਕਾਂ, ਸ਼ੂਗਰ ਦੇ ਮਰੀਜ਼ਾਂ, ਨਸ਼ੇ ਦੇ ਆਦੀ ਵਿਅਕਤੀਆਂ, ਪਹਿਲਾਂ ਟੀ.ਬੀ. ਦਾ ਇਲਾਜ ਕਰਵਾ ਚੁੱਕੇ ਮਰੀਜ਼ਾਂ, ਮੌਜੂਦਾ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖਾਰ, ਬਲਗਮ ਵਿੱਚ ਖੂਨ ਜਾਂ ਵਜ਼ਨ ਘਟਣ ਵਰਗੇ ਲੱਛਣਾਂ ਵਾਲੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਏ.ਆਈ. ਤਕਨੀਕ ਨਾਲ ਲੈਸ ਹੈਂਡ ਹੈਲਡ ਸਕ੍ਰੀਨਿੰਗ ਮਸ਼ੀਨ ਰਾਹੀਂ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਰੇਡੀਓਗ੍ਰਾਫਰ ਸ਼ੱਕੀ ਮਰੀਜ਼ਾਂ ਦੀ ਜਾਂਚ ਕਰ ਰਹੇ ਹਨ। ਇਸ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 86 ਥਾਵਾਂ ‘ਤੇ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਲਗਭਗ 2,435 ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ।ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਟੀ.ਬੀ. ਬ੍ਰਾਂਚ ਤੋਂ ਵਿੱਕੀ ਕੁਮਾਰ, ਵਿਪਨ ਸੁਥਾਰ, ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ, ਕਰਨਜੋਤ, ਮਨਜੀਤ ਕੌਰ, ਮਨਜਿੰਦਰ ਸਿੰਘ ਅਤੇ ਕਾਜਲ ਹਾਜ਼ਰ ਸਨ।