- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਵਿਆਂਗਾਂ ਨੂੰ ਆਤਮਨਿਰਭਰ ਬਣਾਉਣ ਲਈ ਸੇਵਾ ਭਾਰਤੀ ਵੱਲੋਂ ਰਜਿਸਟ੍ਰੇਸ਼ਨ ਕੈਂਪ
ਹੈਪੀ ਕਾਠਪਾਲ.ਪੰਜਾਬੀ ਜਾਗਰਣ
ਜਲਾਲਾਬਾਦ : ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵੱਲੋਂ ਦਿਵਿਆਂਗਜਨਾਂ ਨੂੰ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਨਕ ਸ਼ਿਵ ਭਵਨ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਵੱਲੋਂ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦਿਵਿਆਂਗਾਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਹਾਇਤਾ ਕਰਨਾ ਸਿਰਫ਼ ਕਿਸੇ ਇੱਕ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਤਾ ਕਿਸੇ ਵਿਅਕਤੀ ਦੀ ਪ੍ਰਤਿਭਾ, ਹੌਸਲੇ ਅਤੇ ਆਤਮ-ਸਨਮਾਨ ਨੂੰ ਘੱਟ ਨਹੀਂ ਕਰ ਸਕਦੀ। ਲੋੜ ਇਸ ਗੱਲ ਦੀ ਹੈ ਕਿ ਉਨ੍ਹਾਂ ਨੂੰ ਢੁੱਕਵੇਂ ਸਾਧਨ, ਸਹਿਯੋਗ ਅਤੇ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਹ ਆਤਮਨਿਰਭਰ ਬਣ ਕੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਸੰਸਥਾ ਦੇ ਪ੍ਰਧਾਨ ਅਮਿਤ ਮੁਟਨੇਜਾ ਨੇ ਦੱਸਿਆ ਕਿ ਕੈਂਪ ਦੌਰਾਨ ਰਜਿਸਟਰ ਕੀਤੇ ਗਏ ਦਿਵਿਆਂਗਜਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਲੋੜ ਅਨੁਸਾਰ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਉਪਕਰਨਾਂ ਵਿੱਚ ਵ੍ਹੀਲਚੇਅਰ, ਟਰਾਈਸਾਈਕਲ, ਬੈਸਾਖੀਆਂ, ਵਾਕਰ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਲੋੜੀਂਦਾ ਸਾਮਾਨ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਹਰੇਕ ਲਾਭਪਾਤਰੀ ਦੀ ਲੋੜ ਅਨੁਸਾਰ ਉਪਕਰਨ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਤਾਂ ਜੋ ਦਿਵਿਆਂਗਜਨ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰ ਸਕਣ ਅਤੇ ਆਤਮਨਿਰਭਰ ਬਣਨ ਵੱਲ ਅੱਗੇ ਵਧ ਸਕਣ।