ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਮਨੁੱਖਤਾ ਦੀ ਸੱਚੀ ਸੇਵਾ : ਆਵਲਾ ਸੇਵਾ ਭਾਰਤੀ ਵੱਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਾਹਮਣੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ
Publish Date: Thu, 26 Nov 2026 04:15 PM (IST)
Updated Date: Fri, 27 Nov 2026 04:04 AM (IST)
ਸੇਵਾ ਭਾਰਤੀ ਵੱਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਾਹਮਣੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, ਮਰੀਜ਼ਾਂ ਦੀ ਸ਼ੂਗਰ ਤੇ ਬੀਪੀ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਬੰਪਲ ਭਠੇਜਾ/ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਾਹਮਣੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਸਿਹਤ ਟੀਮ ਵੱਲੋਂ ਕੈਂਪ ’ਚ ਪਹੁੰਚਣ ਵਾਲੇ ਮਰੀਜ਼ਾਂ ਦੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ (ਬੀਪੀ) ਦੀ ਮੌਕੇ ਤੇ ਹੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਵੱਡੀ ਗਿਣਤੀ ਵਿੱਚ ਲੋਕਾਂ ਨੇ ਕੈਂਪ ਦਾ ਲਾਭ ਉਠਾਉਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਪੁੱਤਰ ਜਤਿਨ ਆਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੇਵਾ ਭਾਰਤੀ (ਰਜਿ.) ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਧਾਰਮਿਕ ਤਿਉਹਾਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਨਾਲ ਜੋੜਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਅਜਿਹੀਆਂ ਪਹਿਲਕਦਮੀਆਂ ਨਾਲ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਮੌਕਿਆਂ ਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਕਾਰਜ ਹੈ। ਸੰਸਥਾ ਦਾ ਯਤਨ ਹੈ ਕਿ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਜਾਣ, ਤਾਂ ਜੋ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕ ਵੀ ਸਮੇਂ ਸਿਰ ਸਿਹਤ ਜਾਂਚ ਅਤੇ ਦਵਾਈਆਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਰਹਿਣਾ ਬਹੁਤ ਜ਼ਰੂਰੀ ਹੈ। ਨਿਯਮਤ ਜਾਂਚ ਅਤੇ ਸਮੇਂ ਸਿਰ ਇਲਾਜ ਨਾਲ ਇਨ੍ਹਾਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਵਿੱਚ ਮਦਦ ਮਿਲ ਸਕਦੀ ਹੈ। ਇਸ ਮੈਡੀਕਲ ਕੈਂਪ ਦੇ ਆਯੋਜਨ ਵਿੱਚ ਕੈਪਟਨ ਗੁਰਚਰਨ ਸਿੰਘ (ਸ਼ੌਰਿਆ ਚੱਕਰ ਸਨਮਾਨਿਤ), ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਗੁੰਬਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਕਾਲੀ ਛਾਬੜਾ ਸਮੇਤ ਹੋਰ ਸਹਿਯੋਗੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਨ੍ਹਾਂ ਦੇ ਸਹਿਯੋਗ ਨਾਲ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਸੰਸਥਾ ਵੱਲੋਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।