ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਸੰਭਾਲਿਆ ਜਲਾਲਾਬਾਦ ਦੇ ਨਵੇਂ ਪੁਲਿਸ ਕਪਤਾਨ ਦਾ ਅਹੁਦਾ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਸੰਭਾਲਿਆ ਜਲਾਲਾਬਾਦ ਦੇ ਨਵੇਂ ਪੁਲਿਸ ਕਪਤਾਨ ਦਾ ਅਹੁਦਾ
Publish Date: Mon, 23 Nov 2026 03:52 PM (IST)
Updated Date: Tue, 24 Nov 2026 04:01 AM (IST)
-ਕਾਨੂੰਨ ਵਿਵਸਥਾ ਮਜ਼ਬੂਤ ਕਰਨਾ, ਨਸ਼ਿਆਂ ਅਤੇ ਅਪਰਾਧਾਂ ਤੇ ਨਕੇਲ ਕੱਸਣਾ ਰਹੇਗੀ ਪਹਿਲ ਬੰਪਲ ਬਠੇਜਾ/ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਦੇ ਨਵੇਂ ਪੁਲਿਸ ਕਪਤਾਨ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਜਲਾਲਾਬਾਦ ਵਿੱਚ ਪੁਲਿਸ ਕਪਤਾਨ ਦਾ ਅਹੁਦਾ ਕਾਫ਼ੀ ਸਮੇਂ ਤੋਂ ਖਾਲੀ ਪਿਆ ਸੀ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ ਵਿਵਸਥਾ, ਅਪਰਾਧਾਂ ਦੀ ਸਥਿਤੀ ਅਤੇ ਪੁਲਿਸ ਪ੍ਰਸ਼ਾਸਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ, ਅਪਰਾਧੀਆਂ ਤੇ ਨਕੇਲ ਕੱਸਣਾ, ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ। ਨਵੇਂ ਪੁਲਿਸ ਕਪਤਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲਿਸ ਅਧਿਕਾਰੀਆਂ ਨੂੰ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਤਤਪਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਹੀ ਪੁਲਿਸ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਅਪਰਾਧਾਂ ਤੇ ਕਾਬੂ ਪਾਉਣ ਲਈ ਪੁਲਿਸ ਗਸ਼ਤ ਵਧਾਉਣ, ਸ਼ੱਕੀ ਗਤੀਵਿਧੀਆਂ ਤੇ ਨਜ਼ਰ ਰੱਖਣ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਵੱਲੋਂ ਪੂਰੀ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਜਦਕਿ ਆਮ ਨਾਗਰਿਕਾਂ, ਵਪਾਰੀਆਂ ਅਤੇ ਸਮਾਜ ਦੇ ਜ਼ਿੰਮੇਵਾਰ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਰਹੇਗੀ।