ਪਰਗਟ ਸਿੰਘ ਤੇ ਦਲਵੀ ਨੂੰ ਮਿਲੇ ਮਹਾਲਮ ਅਬੋਹਰ ਵਿਖੇ ਪਰਗਟ ਸਿੰਘ ਤੇ ਰਵਿੰਦਰ ਡਾਲਵੀ ਨੂੰ ਮਿਲੇ ਸ਼ਿੰਦਰ ਮਹਾਲਮ
Publish Date: Sun, 29 Nov 2026 05:26 PM (IST)
Updated Date: Sun, 29 Nov 2026 05:28 PM (IST)
ਹੈਪੀ ਕਾਠਪਾਲ/ਬੰਪਲ ਬਠੇਜਾ.ਪੰਜਾਬੀ ਜਾਗਰਣ,ਜਲਾਲਾਬਾਦ: ਕਾਂਗਰਸ (ਦਿਹਾਤੀ) ਦੇ ਬਲਾਕ ਪ੍ਰਧਾਨ ਸ਼ਿੰਦਰ ਮਹਾਲਮ ਨੇ ਐਤਵਾਰ ਨੂੰ ਅਬੋਹਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੋਵਾਂ ਸੀਨੀਅਰ ਆਗੂਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਕਾਂਗਰਸ ਪਾਰਟੀ ਦੀ ਸਥਿਤੀ ਅਤੇ ਆਉਣ ਵਾਲੇ ਸਮੇਂ ਦੀਆਂ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਸ਼ਿੰਦਰ ਮਹਾਲਮ ਨੇ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ, ਵਰਕਰਾਂ ਦੀ ਭੂਮਿਕਾ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਹੀ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਮੁਲਾਕਾਤ ਉਪਰੰਤ ਸ਼ਿੰਦਰ ਮਹਾਲਮ ਨੇ ਕਿਹਾ ਕਿ ਸੀਨੀਅਰ ਆਗੂਆਂ ਨਾਲ ਹੋਈ ਗੱਲਬਾਤ ਤੋਂ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਹੁਣ ਤੋਂ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਦੇ ਹੋਏ ਜਲਾਲਾਬਾਦ ਹਲਕੇ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਰਹਿਣਗੇ।