ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲੱਗਿਆ
ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲੱਗਿਆ
Publish Date: Fri, 24 Apr 2026 03:38 PM (IST)
Updated Date: Fri, 24 Apr 2026 03:40 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਿਲ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਨਾਲ-ਨਾਲ ਸਾਰੇ ਸੀਐਚਸੀ ਅਤੇ 26 ਆਮ ਆਦਮੀ ਕਲੀਨਿਕਾਂ ਵਿੱਚ ਆਯੋਜਿਤ ਕੀਤੇ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਗੁਣਵੱਤਾ ਭਰੀ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਿਵਲ ਸਰਜਨ ਫਾਜ਼ਿਲਕਾ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਇਹ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਡਾਕਟਰਾਂ ਦੀ ਟੀਮ ਵੱਲੋਂ ਉੱਚ ਜੋਖਿਮ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਉੱਚ ਸਿਹਤ ਕੇਂਦਰਾਂ ਵੱਲ ਰਿਫਰ ਕੀਤਾ ਗਿਆ, ਤਾਂ ਜੋ ਸਮੇਂ-ਸਿਰ ਉਚਿਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਜਟਿਲਤਾ ਤੋਂ ਬਚਿਆ ਜਾ ਸਕੇ। ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਕੈਂਪ ’ਚ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਦਵਾਈਆਂ ਅਤੇ ਆਇਰਨ-ਫੋਲਿਕ ਐਸਿਡ ਦੀਆਂ ਗੋਲੀਆਂ ਵੀ ਦਿੱਤੀਆਂ ਗਈਆਂ। ਨਾਲ ਹੀ, ਉਨ੍ਹਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਜਚਗੀ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਜਿੱਥੇ ਸੁਰੱਖਿਅਤ ਅਤੇ ਮੁਫ਼ਤ ਸੇਵਾਵਾਂ ਉਪਲਬਧ ਹਨ। ਆਸ਼ਾ ਵਰਕਰਾਂ ਅਤੇ ਐਨਐਮਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਮਹਿਲਾਵਾਂ ਨੂੰ ਕੈਂਪਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪਾਂ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ ਗਿਆ। ਸਿਵਲ ਸਰਜਨ ਨੇ ਅਪੀਲ ਕੀਤੀ ਕਿ ਸਾਰੇ ਗਰਭਵਤੀ ਮਹਿਲਾਵਾਂ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਅਤੇ ਆਪਣੀ ਰਜਿਸਟ੍ਰੇਸ਼ਨ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਮਾਂ ਅਤੇ ਬੱਚੇ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ ਅਤੇ ਮਾਤਾ-ਮ੍ਰਿਤਿਊ ਦਰ ਅਤੇ ਬਾਲ ਮ੍ਰਿਤਿਊ ਦਰ ਵਿੱਚ ਕਮੀ ਲਿਆਉਣ ਵਿੱਚ ਮਦਦ ਮਿਲਦੀ ਹੈ। ਇਸ ਦੌਰਾਨ ਮਾਸ ਮੀਡੀਆ ਬ੍ਰਾਂਚ ਤੋਂ ਮਨਬੀਰ ਸਿੰਘ ਤੇ ਦਿਵੇਸ਼ ਕੁਮਾਰ ਹਾਜਰ ਸੀ।