829 ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ
829 ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ
Publish Date: Fri, 05 Jun 2026 03:12 PM (IST)
Updated Date: Fri, 05 Jun 2026 03:42 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਦੇ ਸੋਧੇ ਸ਼ਡਿਊਲ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸੋਧੇ ਗਏ ਪ੍ਰੋਗਰਾਮ ਅਤੇ ਵੋਟਰ ਸੂਚੀ ਪੁਨਰ-ਸਮੀਖਿਆ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ 25 ਜੂਨ ਤੋਂ 24 ਜੁਲਾਈ ਤੱਕ ਬੀਐਲਓ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਭਰਵਾਉਣਗੇ। ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਵੋਟਰਾਂ ਲਈ ਐਨੂਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਵੋਟਰ ਆਪਣੇ ਫਾਰਮ ਚੋਣ ਕਮਿਸ਼ਨ ਦੀ ਵੈੱਬਸਾਈਟ ਅਤੇ ਮੋਬਾਈਲ ਐਪ ਰਾਹੀਂ ਵੀ ਜਮ੍ਹਾਂ ਕਰਵਾ ਸਕਣਗੇ, ਜਿਸ ਦੀ ਬਾਅਦ ਵਿੱਚ ਬੀਐਲਓ ਵੱਲੋਂ ਤਸਦੀਕ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਮੁੱਢਲਾ ਪ੍ਰਕਾਸ਼ਨ 3 ਅਗਸਤ 2026 ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਲਈ 7 ਜੂਨ (ਐਤਵਾਰ) ਨੂੰ ਜ਼ਿਲ੍ਹੇ ਦੇ 829 ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਕੈਂਪ ਦੌਰਾਨ ਬੀਐਲਓ ਆਪਣੇ-ਆਪਣੇ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਪ੍ਰਦਾਨ ਕਰਨਗੇ। ਅਮਰਪ੍ਰੀਤ ਕੌਰ ਸੰਧੂ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟ (ਬੀਐਲਏ) ਨਿਯੁਕਤ ਕਰਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਨਾਲ ਹੀ ਵੋਟਰ ਸੂਚੀਆਂ ਦੀ ਪੁਨਰ-ਸਮੀਖਿਆ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇਗਾ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਐਸਡੀਐਮ ਜੁਗਰਾਜ ਸਿੰਘ, ਰਵਿੰਦਰ ਅਰੋੜਾ, ਕੰਨਵਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।