ਐੱਸਐੱਸਪੀ ਦੀ ਅਗਵਾਈ ’ਚ ਮੁਹੱਲਾ ਅੰਨੀ ਦਿੱਲੀ ਵਿਖੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਐੱਸਐੱਸਪੀ ਗਗਨਜੀਤ ਸਿੰਘ ਦੀ ਅਗਵਾਈ ਹੇਠ ਮੁਹੱਲਾ ਅੰਨੀ ਦਿੱਲੀ ਵਿਖੇ ਵਿਸ਼ੇਸ਼ ਕਾਸੋ ਆਪ੍ਰੇਸ਼ਨ
Publish Date: Tue, 24 Nov 2026 04:29 PM (IST)
Updated Date: Wed, 25 Nov 2026 04:02 AM (IST)
-ਨਸ਼ਾ ਤਸਕਰੀ ਤੇ ਨਕੇਲ ਕੱਸਣ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਸਪਲਾਈ ਨੈੱਟਵਰਕ ਤੋੜਨ ਲਈ ਕੀਤੀ ਕਾਰਵਾਈ ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਪ੍ਰਭਾਵਿਤ ਇਲਾਕੇ ਮੁਹੱਲਾ ਅੰਨੀ ਦਿੱਲੀ ਵਿਖੇ ਵਿਸ਼ੇਸ਼ ਕੋਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਆਪ੍ਰੇਸ਼ਨ ਐੱਸਐੱਸਪੀ ਫਾਜ਼ਿਲਕਾ ਗਗਨਜੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਖੁਦ ਮੌਕੇ ਤੇ ਪਹੁੰਚ ਕੇ ਪੁਲਿਸ ਕਾਰਵਾਈ ਦੀ ਅਗਵਾਈ ਕੀਤੀ। ਇਸ ਆਪ੍ਰੇਸ਼ਨ ਦੌਰਾਨ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਸਤਿੰਦਰ ਕੁਮਾਰ ਅਤੇ ਡੀਐੱਸਪੀ ਸਬ-ਡਵੀਜ਼ਨ ਫਾਜ਼ਿਲਕਾ ਬਲਵਿੰਦਰ ਸਿੰਘ ਸਮੇਤ ਪੁਲਿਸ ਟੀਮਾਂ ਮੌਜੂਦ ਰਹੀਆਂ। ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਤੇ ਨਕੇਲ ਕੱਸਣਾ, ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨਾ, ਨਸ਼ਾ ਸਪਲਾਈ ਨੈੱਟਵਰਕ ਨੂੰ ਤੋੜਨਾ ਅਤੇ ਇਲਾਕੇ ਵਿੱਚ ਪੁਲਿਸ ਦੀ ਨਿਗਰਾਨੀ ਤੇ ਚੌਕਸੀ ਨੂੰ ਹੋਰ ਮਜ਼ਬੂਤ ਕਰਨਾ ਸੀ। ਆਪ੍ਰੇਸ਼ਨ ਦੌਰਾਨ ਐੱਸਐੱਸਪੀ ਫਾਜ਼ਿਲਕਾ ਵੱਲੋਂ ਮੁਹੱਲਾ ਵਾਸੀਆਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਲੋਕ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਇਸ ਸਮਾਜਿਕ ਬੁਰਾਈ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਐੱਸਐੱਸਪੀ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਚੌਕਸੀ ਰੱਖਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਫਾਜ਼ਿਲਕਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਵਿਸ਼ੇਸ਼ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।