ਜੀਏਵੀ ਜੈਨ ਸਕੂਲ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਦਿਹਾੜਾ ਜੀਏਵੀ ਜੈਨ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Fri, 27 Nov 2026 05:11 PM (IST)
Updated Date: Sat, 28 Nov 2026 04:07 AM (IST)
-ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਸਹਿਭੋਜ ਰਾਹੀਂ ਦਿੱਤਾ ਭਾਈਚਾਰੇ ਦਾ ਸੁਨੇਹਾ ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਜੀਏਵੀ ਜੈਨ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਮਾਹੌਲ ਧਾਰਮਿਕ ਅਤੇ ਅਧਿਆਤਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਦਾ ਆਯੋਜਨ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਕੀਤਾ। ਇਸ ਸਬੰਧੀ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿੱਚ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਅੱਗੇ ਸੀਸ ਨਿਵਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੀ ਸਿੱਖਿਆ ਨੂੰ ਅਮਲੀ ਰੂਪ ਦੇਣ ਲਈ ਸਕੂਲ ਵਿੱਚ ਸਹਿਭੋਜ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀ ਆਪਣੇ ਘਰਾਂ ਤੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਲਿਆਏ ਅਤੇ ਸਾਰਿਆਂ ਨੇ ਮਿਲ ਬੈਠ ਕੇ ਭੋਜਨ ਛਕਿਆ। ਇਸ ਸਹਿਭੋਜ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ, ਸਕੂਲ ਸਟਾਫ਼ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪਿੰਡਾਂ ਦੇ ਸਰਪੰਚਾਂ ਨੇ ਵੀ ਸ਼ਮੂਲੀਅਤ ਕੀਤੀ। ਸਕੂਲ ਦੇ ਡਰਾਈਵਰ ਭਾਈਚਾਰੇ ਵੱਲੋਂ ਭੋਗ ਉਪਰੰਤ ਸੰਗਤ ’ਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਪਿੰਡ ਜੋੜਕੀ ਅੰਧੇਵਾਲੀ ਦੇ ਸਰਪੰਚ ਮਹੀਪਾਲ ਸਿੰਘ, ਪਿੰਡ ਅਭੁੰਨ ਦੇ ਸਰਪੰਚ ਪ੍ਰਹਿਲਾਦ ਸਿੰਘ, ਪਿੰਡ ਅਹਿਲ ਬੋਦਲਾ ਦੇ ਸਰਪੰਚ ਦਵਿੰਦਰ ਸਿੰਘ, ਪਿੰਡ ਸੰਤ ਖੀਵਾਪੁਰ ਦੇ ਸਰਪੰਚ ਰਣਧੀਰ ਸਿੰਘ ਤੇ ਪਿੰਡ ਜੋੜਕੀ ਅੰਧੇਵਾਲੀ ਦੇ ਸਰਪੰਚ ਅੰਗਰੇਜ਼ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਰੇ ਸਰਪੰਚਾਂ ਨੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਅੰਤ ’ਚ ਸਾਰਿਆਂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। -ਬਾਕਸ- -ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਅਨਿਲ ਜੈਨ ਜੀਏਵੀ ਜੈਨ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਏਕਤਾ, ਬਰਾਬਰਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਧਰਮ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੇ ਮਨੁੱਖੀ ਸਮਾਜ ਲਈ ਮਾਰਗਦਰਸ਼ਕ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਧਾਰਮਿਕ, ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਕੂਲ ਵਿੱਚ ਪ੍ਰਕਾਸ਼ ਪੁਰਬ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਚੰਗੇ ਸੰਸਕਾਰਾਂ ਨਾਲ ਜ਼ਿੰਮੇਵਾਰ ਨਾਗਰਿਕ ਬਣ ਸਕਣ। -ਬਾਕਸ- -ਵਿਦਿਆਰਥੀਆਂ ਨੂੰ ਸੰਸਕਾਰਾਂ ਤੇ ਮਨੁੱਖਤਾ ਦੀ ਸਿੱਖਿਆ ਦੇਣਾ ਸਕੂਲ ਦੀ ਪਹਿਲ : ਨਰੇਸ਼ ਸਪੜਾ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਚੰਗੇ ਸੰਸਕਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਵਿੱਚ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਵਿਦਿਆਰਥੀਆਂ ਵੱਲੋਂ ਸਹਿਭੋਜ ਦਾ ਆਯੋਜਨ ਇਸੇ ਭਾਵਨਾ ਨੂੰ ਅੱਗੇ ਵਧਾਉਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿੱਚ ਆਪਸੀ ਪਿਆਰ, ਸਹਿਯੋਗ, ਬਰਾਬਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ।