ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਡੀ ਲਾਧੂਕਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Tue, 24 Nov 2026 04:23 PM (IST)
Updated Date: Wed, 25 Nov 2026 04:02 AM (IST)
ਜ਼ਿਲ੍ਹੇ ਸਿੰਘ. ਪੰਜਾਬੀ ਜਾਗਰਣ, ਮੰਡੀ ਲਾਧੂਕਾ : ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਡੀ ਲਾਧੂਕਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਰਣਜੋਧ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਸਾਬਕਾ ਹੈੱਡ ਗ੍ਰੰਥੀ ਤਜਿੰਦਰ ਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗਦਰਸ਼ਕ ਹਨ ਅਤੇ ਸਾਨੂੰ ਸੱਚ, ਸੇਵਾ, ਸਿਮਰਨ ਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਇਸ ਧਾਰਮਿਕ ਸਮਾਗਮ ਵਿੱਚ ਮੰਡੀ ਲਾਧੂਕਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਅਤੇ ਗੁਰਮਤਿ ਕਥਾ ਦਾ ਆਨੰਦ ਮਾਣਿਆ। ਸੰਗਤਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਲੰਗਰ ਛਕਿਆ। ਗੁਰਦੁਆਰਾ ਸਾਹਿਬ ਵਿਖੇ ਸਮੁੱਚਾ ਮਾਹੌਲ ਗੁਰਬਾਣੀ, ਭਗਤੀ ਅਤੇ ਸੇਵਾ ਭਾਵਨਾ ਨਾਲ ਭਰਪੂਰ ਰਿਹਾ।