- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਨਵੇਂ ਵਿੱਦਿਅਕ ਵਰ੍ਹੇ ਲਈ ਦਿੱਤੀਆਂ ਸ਼ੁਭਕਾਮਨਾਵਾਂ
ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ, ਨਵੇਂ ਵਿੱਦਿਅਕ ਵਰ੍ਹੇ ਲਈ ਨਵੇਂ ਵਿੱਦਿਅਕ ਵਰ੍ਹੇ ਲਈ ਦਿੱਤੀਆਂ ਸ਼ੁਭਕਾਮਨਾਵਾਂ
ਨਵਜੋਤ ਸਿੰਘ. ਪੰਜਾਬੀ ਜਾਗਰਣ, ਮੰਡੀ ਅਰਨੀਵਾਲਾ : ਸਥਾਨਕ ਰੇਡੀਐਂਟ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਅਤੇ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਸਕੂਲ ਕੈਂਪਸ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਸਮਾਗਮ ਦੀ ਸਭ ਤੋਂ ਵਿਲੱਖਣ ਅਤੇ ਪ੍ਰਸ਼ੰਸਾਯੋਗ ਗੱਲ ਇਹ ਰਹੀ ਕਿ ਇਸ ਪੂਰੇ ਧਾਰਮਿਕ ਸਮਾਗਮ ਦਾ ਪ੍ਰਬੰਧ ਸਕੂਲ ਦੇ ਵਿਦਿਆਰਥੀਆਂ ਵੱਲੋਂ ਖ਼ੁਦ ਬੜੀ ਜ਼ਿੰਮੇਵਾਰੀ ਅਤੇ ਸ਼ਰਧਾ ਭਾਵਨਾ ਨਾਲ ਸੰਭਾਲਿਆ ਗਿਆ। ਸਮਾਗਮ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਨ ਤੋਂ ਲੈ ਕੇ, ਪੂਰੇ ਪੰਡਾਲ ਵਿੱਚ ਅਨੁਸ਼ਾਸਨ ਬਣਾਈ ਰੱਖਣ, ਜੋੜਾ ਘਰ ਦੀ ਸੇਵਾ ਅਤੇ ਗੁਰੂ ਕਾ ਲੰਗਰ ਵਰਤਾਉਣ ਤੱਕ ਦੀਆਂ ਸਾਰੀਆਂ ਸੇਵਾਵਾਂ ਬੱਚਿਆਂ ਵੱਲੋਂ ਬੜੇ ਹੀ ਸਲੀਕੇ ਅਤੇ ਨਿਮਰਤਾ ਨਾਲ ਨਿਭਾਈਆਂ ਗਈਆਂ। ਵਿਦਿਆਰਥੀਆਂ ਦੀ ਇਸ ਸੇਵਾ ਭਾਵਨਾ ਅਤੇ ਪ੍ਰਬੰਧਕੀ ਹੁਨਰ ਦੀ ਹਰ ਪਾਸੇ ਭਰਪੂਰ ਸ਼ਲਾਘਾ ਹੋਈ।
ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਵੱਲੋਂ ਜੋੜਾ ਘਰ, ਲੰਗਰ ਅਤੇ ਅਨੁਸ਼ਾਸਨ ਦੀ ਨਿਭਾਈ ਗਈ ਸੇਵਾ ਦੀ ਭਰਪੂਰ ਤਾਰੀਫ਼ ਕਰਦਿਆਂ ਕਿਹਾ ਕਿ ਬੱਚਿਆਂ ਨੇ ਗੁਰੂ ਸਾਹਿਬ ਦੇ ਮੂਲ ਸਿਧਾਂਤ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਅਤੇ ਨਿਸ਼ਕਾਮ ਸੇਵਾ ਨੂੰ ਅਮਲੀ ਰੂਪ ਵਿੱਚ ਕਰਕੇ ਦਿਖਾਇਆ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਨਵੇਂ ਵਿੱਦਿਅਕ ਵਰ੍ਹੇ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਤੀ ਸਿੰਘ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦਿਆਰਥੀਆਂ ਨੇ ਪੂਰੇ ਸਮਾਗਮ ਦੀ ਜ਼ਿੰਮੇਵਾਰੀ ਖ਼ੁਦ ਸੰਭਾਲੀ ਹੈ, ਉਹ ਉਨ੍ਹਾਂ ਦੇ ਅੰਦਰ ਛੁਪੀ ਲੀਡਰਸ਼ਿਪ ਅਤੇ ਸੇਵਾ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ''ਵਿਦਿਆ ਵੀਚਾਰੀ ਤਾਂ ਪਰਉਪਕਾਰੀ'' ਦਾ ਮਹਾਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਕੂਲ ਦੇ ਬੱਚਿਆਂ ਨੇ ਸਵਾਗਤ, ਅਨੁਸ਼ਾਸਨ ਅਤੇ ਲੰਗਰ ਸੇਵਾ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਕ ਗੁਣਾਂ ਵਿੱਚ ਵੀ ਨਿਪੁੰਨ ਹਨ। ਉਨ੍ਹਾਂ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਭ ਦੇ ਉੱਜਵਲ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ, ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਛਕਿਆ ਗਿਆ।