ਪ੍ਰਕਾਸ਼ ਪੁਰਬ ’ਤੇ ਗੁਰਬਾਣੀ ਦਾ ਕੀਤਾ ਗਾਇਨ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Wed, 25 Nov 2026 03:39 PM (IST)
Updated Date: Wed, 25 Nov 2026 03:40 PM (IST)
ਕਪਿਲ ਜਸੂਜਾ, ਪੰਜਾਬੀ ਜਾਗਰਣ, ਫਾਜ਼ਿਲਕਾ : ਵਿਜ਼ਡਮ ਕਾਨਵੈਂਟ ਸਕੂਲ, ਫਾਜ਼ਿਲਕਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸੰਗਤ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਜੀ (ਅਮਰੀਕਾ) ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਬਾਣੀ ਦਾ ਗਾਇਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ਵਿੱਚ ਰੰਗਿਆ ਗਿਆ। ਸੰਗਤ ਨੇ ਇਕਾਗਰਤਾ ਨਾਲ ਕੀਰਤਨ ਸਰਵਣ ਕੀਤਾ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਪਰਮਜੀਤ ਸਿੰਘ ਵੈਰੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਇਮਾਨਦਾਰੀ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੇ ਧਰਮ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਮੌਕੇ ਕਵਿੰਦਰ ਨਾਥ ਦਹੂਜਾ,ਸਕੂਲ ਪ੍ਰਿੰਸੀਪਲ ਦੀਪਿਕਾ ਚੋਪੜਾ,ਪੂਜਾ ਲੂਥਰਾ ਅਤੇ ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਆਗੂ ਸਮੇਤ ਸਕੂਲ ਸਟਾਫ਼ ਮੌਜੂਦ ਕਿ। ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।