ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਵਿਦਿਆਰਥੀ ਦੀ ਮੌਤ, ਚਾਲਕ ਫ਼ਰਾਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਵਿਦਿਆਰਥੀ ਦੀ ਮੌਤ, ਚਾਲਕ ਫ਼ਰਾਰ
Publish Date: Thu, 08 Oct 2026 05:13 PM (IST)
Updated Date: Fri, 09 Oct 2026 04:05 AM (IST)
ਭਾਰਤ ਭੂਸ਼ਣ ਸ਼ਰਮਾ. ਪੰਜਾਬੀ ਜਾਗਰਣ, ਅਬੋਹਰ : ਪਿੰਡ ਖਿੱਪਾਂਵਾਲੀ ਨਿਵਾਸੀ ਕਰੀਬ 20 ਸਾਲਾ ਆਈ.ਟੀ.ਆਈ. ਵਿਦਿਆਰਥੀ ਵਿਜੇ ਕੁਮਾਰ ਦੀ ਬੁੱਧਵਾਰ ਦੇਰ ਸ਼ਾਮ ਸੜਕ ਹਾਦਸੇ ਵਿੱਚ ਮੌਤ ਹੋ ਗਈ। ਵਿਜੇ ਪੈਦਲ ਸੜਕ ’ਤੇ ਜਾ ਰਿਹਾ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਚੇਤਰਾਮ ਅਬੋਹਰ ਦੇ ਇੱਕ ਕਾਲਜ ਵਿੱਚ ਆਈ.ਟੀ.ਆਈ. ਦੀ ਪੜ੍ਹਾਈ ਕਰ ਰਿਹਾ ਸੀ। ਉਹ ਤਿੰਨ ਭੈਣ-ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਬੁੱਧਵਾਰ ਦੇਰ ਸ਼ਾਮ ਉਹ ਪਿੰਡ ਵਿੱਚ ਬੈਂਕ ਨੇੜੇ ਸੜਕ ’ਤੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਵਿਜੇ ਨੂੰ ਗੰਭੀਰ ਹਾਲਤ ਵਿੱਚ ਅਬੋਹਰ ਦੇ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਸ੍ਰੀਗੰਗਾਨਗਰ ਰੈਫ਼ਰ ਕਰ ਦਿੱਤਾ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸ੍ਰੀਗੰਗਾਨਗਰ ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਵੀਰਵਾਰ ਸਵੇਰੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਬੋਦੀਵਾਲਾ ਪੀਠਾ ਥਾਣਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਫ਼ਰਾਰ ਕਾਰ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।