ਵਿਦਿਆਰਥੀਆਂ ਨੇ ਧਾਰਮਿਕ ਪ੍ਰਦਰਸ਼ਨੀਆਂ ’ਚ ਲਿਆ ਭਾਗ
ਭਾਈ ਮਹਾਂ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰਦਰਸ਼ਨੀਆਂ ਵਿੱਚ ਉਤਸ਼ਾਹਪੂਰਵਕ ਭਾਗ ਲਿਆ
Publish Date: Sun, 12 Apr 2026 03:48 PM (IST)
Updated Date: Mon, 13 Apr 2026 04:01 AM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ,
ਜਲਾਲਾਬਾਦ:ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਅਤੇ ਇਤਿਹਾਸਕ ਅਵਸਰ ‘ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਪਟਿਆਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਅਤੇ ਧਾਰਮਿਕ ਪ੍ਰਦਰਸ਼ਨੀਆਂ ’ਚ ਉਤਸ਼ਾਹ ਪੂਰਵਕ ਭਾਗ ਲਿਆ ਗਿਆ।
ਇਸ ਮੌਕੇ ਸਕੂਲ ਦੀ ਟੀਮ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਹੇਠ ਗੁਰਬਾਣੀ ਕੀਰਤਨ, ਕਵੀਸ਼ਰੀ, ਧਾਰਮਿਕ ਕਵਿਤਾਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਮਾਡਲਾਂ ਅਤੇ ਚਾਰਟਾਂ ਰਾਹੀਂ ਖ਼ਾਲਸਾ ਪੰਥ ਦੀ ਮਹਾਨ ਵਿਰਾਸਤ ਨੂੰ ਦਰਸਾਇਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਪ੍ਰਸਤੁਤੀਆਂ ਨੇ ਸੰਗਤਾਂ ਦਾ ਮਨ ਮੋਹ ਲਿਆ ਤੇ ਹਾਜ਼ਰ ਦਰਸ਼ਕਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਧਾਰਮਿਕ ਪ੍ਰਦਰਸ਼ਨੀਆਂ ਵਿੱਚ ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਖ਼ਾਲਸਾ ਪੰਥ ਦੀ ਸਿਰਜਣਾ, ਪੰਜ ਕੱਕਾਰਾਂ ਦੀ ਮਹੱਤਤਾ ਤੇ ਸਿੱਖ ਧਰਮ ਦੇ ਅਸੂਲਾਂ ਨੂੰ ਬੜੇ ਸੁੰਦਰ ਅਤੇ ਰੁਚੀਕਾਰ ਢੰਗ ਨਾਲ ਪੇਸ਼ ਕੀਤਾ। ਇਸ ਦੇ ਨਾਲ ਹੀ, ਬੱਚਿਆਂ ਨੇ ਇਤਿਹਾਸਕ ਘਟਨਾਵਾਂ ਨੂੰ ਮਾਡਲਾਂ ਅਤੇ ਦ੍ਰਿਸ਼ਾਂ ਰਾਹੀਂ ਦਰਸਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।
ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ, ਆਤਮ ਵਿਸ਼ਵਾਸ ਅਤੇ ਸੱਭਿਆਚਾਰਕ ਜਾਗਰੂਕਤਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ।
ਇਸ ਮੌਕੇ ਐਸਜੀਪੀਸੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸਕੂਲ ਦੇ ਬੱਚੇ ਨਾ ਸਿਰਫ਼ ਪੜ੍ਹਾਈ ਵਿੱਚ, ਸਗੋਂ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਅੱਗੇ ਹਨ।
ਅਖੀਰ ‘ਚ ਗੁਰਮਤਿ ਸਮਾਗਮ ਦੇ ਆਯੋਜਕਾਂ ਵੱਲੋਂ ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਦੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਵਿਦਿਆਰਥੀਆਂ ਲਈ ਇਕ ਯਾਦਗਾਰ ਅਨੁਭਵ ਸਾਬਤ ਹੋਇਆ, ਜਿਸ ਨਾਲ ਉਹਨਾਂ ਨੂੰ ਸਿੱਖ ਧਰਮ ਦੇ ਅਸੂਲਾਂ ਅਤੇ ਖ਼ਾਲਸਾਈ ਰੂਹ ਨਾਲ ਹੋਰ ਗਹਿਰਾਈ ਨਾਲ ਜੋੜਨ ਦਾ ਮੌਕਾ ਮਿਲਿਆ।