ਐਸਡੀਓ ਦਫ਼ਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
ਉਪ ਮੰਡਲ ਇੰਜੀਨੀਅਰ ਵਲੋਂ ਰੋਸ਼ ਧਰਨਾ
Publish Date: Tue, 03 Feb 2026 04:30 PM (IST)
Updated Date: Tue, 03 Feb 2026 04:32 PM (IST)

ਜਲਾਲਾਬਾਦ : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ, ਨਿੱਜੀਕਰਨ ਕਰਕੇ ਮਾਰੂ ਨੀਤੀਆਂ ਨੂੰ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਜਲਾਲਾਬਾਦ ਵੱਲੋਂ ਗੁੰਮਾਨੀਵਾਲਾ ਵਿਖੇ ਪਾਣੀ ਵਾਲੀ ਟੰਕੀ ਤੇ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਜਲਾਲਾਬਾਦ ਦੇ ਐਸ.ਡੀ.ਓ. ਦਫਤਰ ਦਾ ਘੇਰਾਓ ਕਰਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਹ ਧਰਨਾ ਬ੍ਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਅਗੁਵਾਈ ਹੇਠ ਦਿੱਤਾ ਗਿਆ, ਜਦੋਕਿ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ, ਜਿਲ੍ਹਾ ਖਜਾਨਚੀ ਮਹਿੰਦਰ ਸਿੰਘ ਮੰਨੇਵਾਲਾ, ਦਫਤਰ ਸਟਾਫ ਦੀ ਸਬ ਕਮੇਟੀ ਦੇ ਸੂਬਾਈ ਆਗੂ ਸੁਖਚੈਨ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਧਰਨੇ ਦੇ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ (ਰੈਗੂਲਰ ਮੁਲਾਜਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ‘ਪੱਕੇ ਰੁਜਗਾਰ’ ਦਾ ਪ੍ਰਬੰਧ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲਾਲਾਬਾਦ ਦੇ ਅਧੀਨ ਆਉਦੀਆਂ ਜਲ ਸਪਲਾਈ ਸਕੀਮਾਂ ਪੰਚਾਇਤੀ ਨੂੰ ਜਬਰੀ ਦੇਣ ਲਈ ਅਫਸਰਸ਼ਾਹੀ ਵਲੋਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ, ਇਸਦੇ ਇਲਾਵਾ ਲੀਕੇਜ ਅਤੇ ਹੋਰ ਲੋੜੀਦੇ ਰਿਪੇਅਰ ਦੇ ਕੰਮ ਵਰਕਰਾਂ ਵੱਲੋਂ ਆਪਣੇ ਪੱਲਿਓ ਪੈਸੇ ਲਗਾ ਕੇ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਰ ਸਕੀਮਾਂ ਤੇ ਲੱਗੇ ਪੈਸੇ ਦੇਣ ਲਈ ਅਫਸਰਸ਼ਾਹੀ ਵੱਲੋਂ ਲਾਰੇ ਹੀ ਲਗਾਏ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਸਕੀਮਾਂ (ਜਲ ਘਰਾਂ) ਦਾ ਪੰਚਾਇਤੀਕਰਨ ਅਤੇ ਸਕਾਡਾ ਸਿਸਟਮ ਲਗਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਇਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਨੂੰ ਜਸਸ ਵਿਭਾਗ ’ਚ ਪੱਕੇ ਅਤੇ ਸੁਰੱਖਿਅਤ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ