ਸੁਨੀਲ ਜਾਖੜ ਦਾ ਵੱਡਾ ਐਲਾਨ, ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ; 'ਆਪ' ਦਾ ਹਾਲ TMC ਵਰਗਾ ਹੋਵੇਗਾ
ਭਾਰਤੀ ਜਨਤਾ ਪਾਰਟੀ ਵੱਲੋਂ ਅਬੋਹਰ ਵਿੱਚ ਕਰਵਾਏ ਗਏ ਸਰਵ ਸਮਾਜ ਓਬੀਸੀ (OBC) ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ ਹੈ।
Publish Date: Sat, 13 Jun 2026 05:55 PM (IST)
Updated Date: Sat, 13 Jun 2026 05:57 PM (IST)
ਪੰਜਾਬੀ ਜਾਗਰਣ, ਅਬੋਹਰ/ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਵੱਲੋਂ ਅਬੋਹਰ ਵਿੱਚ ਕਰਵਾਏ ਗਏ ਸਰਵ ਸਮਾਜ ਓਬੀਸੀ (OBC) ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ ਹੈ।
ਅਬੋਹਰ ਖੇਤਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਆਪਣੀ ਨਿੱਜੀ ਜ਼ਮੀਨ ਦਾਨ ਕਰਨ ਦਾ ਐਲਾਨ ਕਰਦਿਆਂ ਜਾਖੜ ਨੇ ਕਿਹਾ ਕਿ ਅਬੋਹਰ ਦੇ ਲੋਕ ਉਨ੍ਹਾਂ ਦੇ ਪਰਿਵਾਰ ਵਾਂਗ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
ਸਾਬਕਾ ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ-ਸੇਵਾ ਦੇ 12 ਸਾਲ ਪੂਰੇ ਹੋਣ ਦੇ ਮੌਕੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਸਰਕਾਰ ਨੇ “ਸਭਕਾ ਸਾਥ, ਸਭਕਾ ਵਿਕਾਸ” ਦੇ ਸਿਧਾਂਤ ਤਹਿਤ ਕੰਮ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ “ਸਭਕਾ ਹਿਸਾਬ” ਵੀ ਹੋਵੇਗਾ ਅਤੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਿਆਸੀ ਭਵਿੱਖਬਾਣੀ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਹਾਲ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ ਵਰਗਾ ਹੋਣ ਵਾਲਾ ਹੈ ਅਤੇ ਅਗਲੀਆਂ ਚੋਣਾਂ ਤੋਂ ਬਾਅਦ ਇਹ ਪਾਰਟੀ ਪੂਰੀ ਤਰ੍ਹਾਂ ਬਿਖਰ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਉਮੀਦ ਦੀ ਇੱਕ ਕਿਰਨ ਵਜੋਂ ਦੇਖ ਰਹੇ ਹਨ ਅਤੇ ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਉਹ ਭਾਜਪਾ ਨੂੰ ਸੱਤਾ ਵਿੱਚ ਲਿਆਉਣਗੇ, ਕਿਉਂਕਿ ਉਨ੍ਹਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਜਿਸ ਦਲਦਲ ਵਿੱਚ ਫਸਾ ਦਿੱਤਾ ਹੈ, ਉਸ ਵਿੱਚੋਂ ਕੇਵਲ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਸੂਬੇ ਨੂੰ ਬਾਹਰ ਕੱਢ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਆਪਣੀਆਂ ਮੌਜੂਦਾ ਮੁਸ਼ਕਲਾਂ ਵਿੱਚੋਂ ਬਾਹਰ ਨਹੀਂ ਨਿਕਲ ਸਕਦਾ।
ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਬਣਨ 'ਤੇ ਨਾ ਕੇਵਲ ਸੂਬੇ ਵਿੱਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਵੇਗਾ, ਸਗੋਂ ਗੁੰਡਾਗਰਦੀ ਅਤੇ ਅਪਰਾਧਿਕ ਅਨਸਰਾਂ 'ਤੇ ਵੀ ਸਖ਼ਤ ਕਾਰਵਾਈ ਕਰਕੇ ਕਾਨੂੰਨ-ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਕੀਤਾ ਜਾਵੇਗਾ, ਤਾਂ ਜੋ ਲੋਕ ਸ਼ਾਂਤੀ ਨਾਲ ਆਪਣਾ ਕਾਰੋਬਾਰ ਕਰ ਸਕਣ ਅਤੇ ਬਿਨਾਂ ਕਿਸੇ ਡਰ ਦੇ ਕਿਤੇ ਵੀ ਆ-ਜਾ ਸਕਣ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਲੋਕਾਂ ਨੂੰ ਬੇਨਕਾਬ ਕੀਤਾ ਜਾਵੇ ਜੋ ਆਮ ਆਦਮੀ ਦੇ ਨਾਂ 'ਤੇ ਸੱਤਾ ਵਿੱਚ ਆਏ ਅਤੇ ਫਿਰ ਆਪਣੇ ਲਈ ਆਲੀਸ਼ਾਨ ਮਹਿਲ ਖੜ੍ਹੇ ਕਰ ਲਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੇ 'ਆਪ' ਵਿਧਾਇਕਾਂ ਦੇ ਪੁਰਾਣੇ ਘਰਾਂ ਅਤੇ ਹੁਣ ਬਣੇ ਆਲੀਸ਼ਾਨ ਮਕਾਨਾਂ, ਫਾਰਮ ਹਾਊਸਾਂ ਅਤੇ ਹੋਰ ਮਹਿੰਗੀਆਂ ਜਾਇਦਾਦਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਨ, ਤਾਂ ਜੋ ਸੱਤਾ ਵਿੱਚ ਆਉਣ ਤੋਂ ਬਾਅਦ ਬਣਾਈ ਗਈ ਜਾਇਦਾਦ ਦਾ ਸੱਚ ਸਾਹਮਣੇ ਆ ਸਕੇ।
ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਿਸਾਨ-ਪੱਖੀ ਅਤੇ ਸਮਰੱਥ ਨੀਤੀਆਂ ਦਾ ਹੀ ਨਤੀਜਾ ਹੈ ਕਿ ਲਗਪਗ 100 ਰੁਪਏ ਪ੍ਰਤੀ ਕਿਲੋਗ੍ਰਾਮ ਕੀਮਤ ਵਾਲੀ ਯੂਰੀਆ ਕਿਸਾਨਾਂ ਨੂੰ ਮਹਿਜ਼ 6 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਸ-ਪਾਸ ਮੁਹੱਈਆ ਕਰਵਾਈ ਜਾ ਰਹੀ ਹੈ।
ਪਾਰਟੀ ਵਰਕਰਾਂ ਨੂੰ ਚੋਣ ਤਿਆਰੀਆਂ ਵਿੱਚ ਪੂਰੀ ਨਿਸ਼ਠਾ ਨਾਲ ਜੁਟ ਜਾਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ।