ਗਰਮੀ ਕਾਰਨ ਕਣਕ ਦਾ ਝਾੜ ਘਟਣ ਦਾ ਖ਼ਦਸ਼ਾ
ਮਾਰਚ ਵਿੱਚ ਹੀ ਤਾਪਮਾਨ 32 ਡਿਗਰੀ ਤੱਕ ਪਹੁੰਚਿਆ, ਗਰਮੀ ਕਾਰਨ ਕਣਕ ਦੇ ਝਾੜ ਘਟਣ ਦਾ ਖਤਰਾ
Publish Date: Sun, 15 Mar 2026 04:30 PM (IST)
Updated Date: Sun, 15 Mar 2026 04:33 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਵਿੱਚ ਇਸ ਵਾਰ ਮਾਰਚ ਮਹੀਨੇ ਦੌਰਾਨ ਹੀ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਇਲਾਕਿਆਂ ਵਿੱਚ ਪਾਰਾ 32 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਗਰਮੀ ਨੇ ਸਮੇਂ ਤੋਂ ਪਹਿਲਾਂ ਹੀ ਜ਼ੋਰ ਫੜ ਲਿਆ ਹੈ। ਮੌਸਮ ਵਿੱਚ ਆਏ ਇਸ ਅਚਾਨਕ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਇਸ ਸਮੇਂ ਕਣਕ ਦੀ ਫ਼ਸਲ ਦਾਣਾ ਬਣਨ ਅਤੇ ਪੱਕਣ ਦੇ ਮਰਹਲੇ ਵਿੱਚ ਹੁੰਦੀ ਹੈ। ਖੇਤੀ ਮਾਹਿਰਾਂ ਦੇ ਅਨੁਸਾਰ ਇਸ ਮਰਹਲੇ ਦੌਰਾਨ ਵੱਧ ਤਾਪਮਾਨ ਫ਼ਸਲ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਜੇਕਰ ਤਾਪਮਾਨ ਲਗਾਤਾਰ ਵਧਦਾ ਰਿਹਾ ਤਾਂ ਕਣਕ ਦੇ ਦਾਣੇ ਪੂਰੀ ਤਰ੍ਹਾਂ ਨਹੀਂ ਭਰ ਸਕਣਗੇ, ਜਿਸ ਨਾਲ ਫ਼ਸਲ ਦੇ ਝਾੜ ਵਿੱਚ ਘਾਟ ਆ ਸਕਦੀ ਹੈ। ਉੱਚ ਤਾਪਮਾਨ ਕਾਰਨ ਪੌਦੇ ਜਲਦੀ ਸੁੱਕਣ ਲੱਗਦੇ ਹਨ ਅਤੇ ਦਾਣੇ ਦਾ ਭਰਾਵ ਘੱਟ ਹੋ ਜਾਂਦਾ ਹੈ, ਜਿਸ ਨਾਲ ਉਤਪਾਦਨ ‘ਤੇ ਸਿੱਧਾ ਅਸਰ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਆਏ ਇਸ ਬਦਲਾਅ ਨੇ ਉਨ੍ਹਾਂ ਦੀ ਚਿੰਤਾ ਵਧਾ ਦਿੱਤੀ ਹੈ। ਉਹਨਾਂ ਮੁਤਾਬਕ ਜੇਕਰ ਅਗਲੇ ਦਿਨਾਂ ਵਿੱਚ ਵੀ ਗਰਮੀ ਇਸੇ ਤਰ੍ਹਾਂ ਰਹੀ ਤਾਂ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਉਨ੍ਹਾਂ ਦੀ ਮਿਹਨਤ ਅਤੇ ਖਰਚੇ ‘ਤੇ ਵੀ ਅਸਰ ਪੈ ਸਕਦਾ ਹੈ। ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਮਾਹਰ ਡਾਕਟਰ ਹਰਪ੍ਰੀਤ ਕੌਰ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਤਾਪਮਾਨ ਦਾ ਇਸ ਤਰ੍ਹਾਂ ਵਧਣਾ ਕਣਕ ਦੀ ਫ਼ਸਲ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਦਾਣਾ ਬਣਨ ਦੇ ਅਹਿਮ ਮਰਹਲੇ ਵਿੱਚ ਹੁੰਦੀ ਹੈ ਅਤੇ ਜੇਕਰ ਤਾਪਮਾਨ ਜ਼ਿਆਦਾ ਰਹੇ ਤਾਂ ਦਾਣੇ ਦਾ ਭਰਾਵ ਘੱਟ ਰਹਿ ਜਾਂਦਾ ਹੈ, ਜਿਸ ਨਾਲ ਝਾੜ ‘ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਫ਼ਸਲ ਦੀ ਸਮੇਂ-ਸਿਰ ਸਿੰਚਾਈ ਕਰਨੀ ਚਾਹੀਦੀ ਹੈ ਤਾਂ ਜੋ ਪੌਦੇ ਨੂੰ ਗਰਮੀ ਦੇ ਪ੍ਰਭਾਵ ਤੋਂ ਕੁਝ ਹੱਦ ਤੱਕ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲ ਦੀ ਨਿਰੰਤਰ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਜੇਕਰ ਮੌਸਮ ਇਸੇ ਤਰ੍ਹਾਂ ਗਰਮ ਰਹਿੰਦਾ ਹੈ ਤਾਂ ਕਣਕ ਦੀ ਪੈਦਾਵਾਰ ‘ਤੇ ਕੁਝ ਅਸਰ ਪੈ ਸਕਦਾ ਹੈ, ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕੇ।