ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਖੁਸ਼ਹਾਲੀ ਲਈ ਖੋਲ੍ਵੇਗਾ ਨਵਾਂ ਰਾਹ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਖੁਸ਼ਹਾਲੀ, ਕਿਸਾਨਾਂ ਦੀ ਭਲਾਈ ਅਤੇ ਏਕਤਾ ਲਈ ਨਵਾਂ ਰਾਹ ਖੋਲ੍ਹੇਗਾ: ਗਰੋਵਰ, ਪਨੇਸਰ, ਜੱਗਾ
Publish Date: Tue, 24 Nov 2026 04:34 PM (IST)
Updated Date: Wed, 25 Nov 2026 04:02 AM (IST)
ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਹੋਇਆ ਗਠਜੋੜ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਸਿਰਜੇਗਾ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਗਠਜੋੜ ਦੇ ਸਦਕਾ ਪੰਜਾਬ ਵਿੱਚ ਹਿੰਦੂ-ਸਿੱਖ ਭਾਈਚਾਰਕ ਏਕਤਾ ਅਤੇ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਮੋਗਾ ਅਤੇ ਜਗਰਾਜ ਸਿੰਘ ਜੱਗਾ ਮੋਗਾ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਪੰਜਾਬ ਵਿੱਚ ਗਠਜੋੜ ਦੀ ਸਰਕਾਰ ਵਜੋਂ ਕਾਰਜਕਾਲ ਰਿਹਾ ਹੈ। ਉਸ ਸਮੇਂ ਦੌਰਾਨ ਪੰਜਾਬ ਵਿੱਚ ਕਈ ਅਹਿਮ ਵਿਕਾਸ ਕਾਰਜ ਅਤੇ ਇਤਿਹਾਸਕ ਪ੍ਰੋਜੈਕਟ ਕੀਤੇ ਗਏ, ਜਿਨ੍ਹਾਂ ਨੂੰ ਪੰਜਾਬ ਦੇ ਵਿਕਾਸ ਦੇ ਇਤਿਹਾਸ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਤਜਰਬਾ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ। ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂ ’ਤੇ ਕਈ ਉਮੀਦਾਂ ਦਿਖਾਈਆਂ ਗਈਆਂ ਸਨ, ਪਰ ਲੋਕ ਅੱਜ ਵੀ ਰੁਜ਼ਗਾਰ, ਕਿਸਾਨੀ, ਨਸ਼ਿਆਂ ਅਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੂਬੇ ਦੀ ਬਾਗਡੋਰ ਸੰਭਾਲਣਗੇ। ਉਨ੍ਹਾਂ ਅੱਗੇ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਰੈਲੀ ਪੰਜਾਬ ਦੀ ਰਾਜਨੀਤੀ ਲਈ ਇੱਕ ਅਹਿਮ ਮੌਕਾ ਹੋਵੇਗੀ। ਇਸ ਰੈਲੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਪਹੁੰਚਣ ਦੀ ਉਮੀਦ ਹੈ। ਪੰਜਾਬ ਵਾਸੀਆਂ ਨੂੰ ਆਸ ਹੈ ਕਿ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਅਤੇ ਹੋਰ ਅਹਿਮ ਵਿਕਾਸ ਕਾਰਜਾਂ ਸਬੰਧੀ ਵੱਡੇ ਐਲਾਨ ਕਰਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਐਮ.ਐਸ.ਪੀ., ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ, ਖੇਤ ਮਜ਼ਦੂਰਾਂ ਦੀ ਭਲਾਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦਿਆਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿੱਚ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਅਤੇ ਜਗਰਾਜ ਸਿੰਘ ਜੱਗਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਣਾ ਹੋਣਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਇੱਕ ਨਵੀਂ ਵਿਕਾਸ ਦੀ ਦਿਸ਼ਾ ਵੱਲ ਅੱਗੇ ਵਧੇਗਾ।