ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ਤੁਰੰਤ ਰੋਕੀ ਜਾਵੇ : ਕੈਪਟਨ ਗੁਰਚਰਨ ਸਿੰਘ ਬਾਹਰਲੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੁਰੰਤ ਰੋਕੀ ਜਾਵੇ : ਕੈਪਟਨ ਗੁਰਚਰਨ ਸਿੰਘ
Publish Date: Tue, 06 Oct 2026 05:05 PM (IST)
Updated Date: Tue, 06 Oct 2026 05:08 PM (IST)
ਬੰਪਲ ਬਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਭਾਜਪਾ ਆਗੂ ਅਤੇ ਰਾਸ਼ਟਰਪਤੀ ਵੱਲੋਂ ਸ਼ੌਰਿਆ ਚੱਕਰ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ’ਤੇ ਸਖ਼ਤ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਤੋਂ ਇਸ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆਉਣ ਵਾਲਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਦਾਖ਼ਲ ਹੋਣ ਨਾਲ ਸਥਾਨਕ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਸ ਦਾ ਸਿੱਧਾ ਨੁਕਸਾਨ ਪੰਜਾਬ ਦੀ ਕਿਸਾਨੀ ਨੂੰ ਝੱਲਣਾ ਪੈਂਦਾ ਹੈ। ਕੈਪਟਨ ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਪਣੀ ਫ਼ਸਲ ਦੀ ਲਾਗਤ, ਮੌਸਮ ਅਤੇ ਹੋਰ ਕਈ ਚੁਣੌਤੀਆਂ ਨਾਲ ਜੂਝ ਰਿਹਾ ਹੈ। ਅਜਿਹੇ ਵਿੱਚ ਜੇਕਰ ਬਾਹਰਲੇ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਲਿਆ ਕੇ ਸਰਕਾਰੀ ਖਰੀਦ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਹੁੰਦੀ ਹੈ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਦੇ ਹੱਕਾਂ ’ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਾਹਰਲੇ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਲਿਆਉਣ ਵਾਲੇ ਅਤੇ ਇਸ ਨੂੰ ਮੰਗਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਮੰਡੀਆਂ ਵਿੱਚ ਝੋਨੇ ਦੀ ਆਮਦ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ ਅਤੇ ਪੰਜਾਬ ਤੋਂ ਬਾਹਰ ਦੀ ਫ਼ਸਲ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਬੰਧ ਕੀਤੇ ਜਾਣ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕਰਨੇ ਚਾਹੀਦੇ ਹਨ। ਕਿਸਾਨਾਂ ਦੀ ਫ਼ਸਲ ਵਿੱਚ ਬੇਲੋੜੇ ਕੱਟ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਪੂਰਾ ਸਰਕਾਰੀ ਸਹਿਯੋਗ ਮਿਲਣਾ ਚਾਹੀਦਾ ਹੈ ਅਤੇ ਨਿਰਧਾਰਤ ਰੇਟ ’ਤੇ ਫ਼ਸਲ ਦੀ ਖਰੀਦ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਕੈਪਟਨ ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਇਸ ਲਈ ਸਰਕਾਰ ਅਤੇ ਖਰੀਦ ਏਜੰਸੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਿਨਸ ਦਾ ਪੂਰਾ ਬਣਦਾ ਮੁੱਲ ਮਿਲੇ।