ਫਾਜ਼ਿਲਕਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ
ਫਾਜ਼ਿਲਕਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ
Publish Date: Wed, 05 Nov 2025 05:06 PM (IST)
Updated Date: Wed, 05 Nov 2025 05:07 PM (IST)

ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਵੱਲੋਂ ਸਮੁੱਚੀ ਮਾਨਵਤਾ ਦੇ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮਾਂ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਫਾਜ਼ਿਲਕਾ ਦੇ ਸਿਵਲ ਲਾਈਨ ਗੁਰੂਦੁਆਰਾ ਸਾਹਿਬ,ਨਵੀ ਅਬਾਦੀ ਵਿਖੇ, ਆਦਰਸ਼ ਨਗਰ, ਗੁਰਦੁਆਰਾ ਬਾਬਾ ਨਾਮਦੇਵ ਜੀ, ਗੁਰਦੁਆਰਾ ਪੁਲਿਸ ਲਾਈਨ, ਗੁਰਦੁਆਰਾ ਸਤਸੰਗ ਸਾਹਿਬ ਜੀ, ਗੁਰੂਦਵਾਰਾ ਸ਼੍ਰੀ ਗੁਰੂ ਨਾਨਕ ਨਿਵਾਸ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸਜੇ ਦਿਵਾਨ ਅੰਦਰ ਕਥਾ ਦਾ ਪਰਵਾਹ ਚਲਾਉਂਦਿਆਂ ਮਨੁੱਖੀ ਜੀਵਨ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਵਨਾ ਗੁਰੁਦਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਵੱਲੋਂ ਵਿਧਾਇਕ ਨਰਿੰਦਰ ਪਾਲ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਵਨਾ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਮਹਿੰਦਰ ਸਿੰਘ, ਕੰਵਲਜੀਤ ਸਿੰਘ, ਜਰਨੈਲ ਸਿੰਘ ਤਨੇਜਾ, ਡਾ. ਬਲਬੀਰ ਸਿੰਘ, ਅਮਰੀਕ ਸਿੰਘ, ਰਘੁਬੀਰ ਸ਼ਾਹ, ਪਰਮਦੀਪ ਸ਼ਾਹ, ਨਿਤਿਨ ਕਾਮਰਾ, ਦਵਿੰਦਰ ਸਿੰਘ, ਸਹਿਜਪਾਲ ਸਿੰਘ, ਪਰਮਜੀਤ ਸਿੰਘ ਫਾਰਮਾਸਿਸਟ, ਨਰਿੰਦਰ ਸਿੰਘ, ਡਾ. ਦਵਿੰਦਰ ਸਿੰਘ, ਗੁਰਪ੍ਰੀਤ ਜੱਗਾ, ਨਰੈਣ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਅਮਨ ਦੁਰੇਜਾ ਆਦਿ ਨੇ ਪੂਰਨ ਸੇਵਾ ਨਿਭਾਈ।