ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ
Publish Date: Sun, 04 Oct 2026 03:29 PM (IST)
Updated Date: Sun, 04 Oct 2026 03:32 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਲੋਕ ਲਹਿਰ ਦਾ ਰੂਪ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸਐਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਡੀਐਸਪੀ, ਐਸਐਚਓ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਸਰਕਾਰ ਦੀ ਇਸ ਅਹਿਮ ਮੁਹਿੰਮ ਨੂੰ ਗਰਾਊਂਡ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਦਿਆਂ ਇਸ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ ਹੈ। ਐਸਐਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ ਨੇ ਮੀਟਿੰਗ ਵਿੱਚ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਫਾਜ਼ਿਲਕਾ ਪੁਲਿਸ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।