ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਵਿਦਿਆਰਥੀ : ਐੱਸਐੱਸਪੀ ਬੱਚਿਆਂ ਨੇ ਮੈਨੂੰ ਮੇਰਾ ਬਚਪਨ ਯਾਦ ਕਰਵਾ ਦਿੱਤਾ, ਜ਼ਿੰਦਗੀ ਭਰ ਨਸ਼ਿਆਂ ਤੋਂ ਦੂਰ ਰਹਿ ਕੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ: ਐੱਸਐੱਸਪੀ
Publish Date: Sat, 10 Oct 2026 03:18 PM (IST)
Updated Date: Sat, 10 Oct 2026 03:20 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਮੁਹਿੰਮ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਅਬੋਹਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਦੇ ਐੱਸਐੱਸਪੀ ਗਗਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆ ਕੇ ਉਨ੍ਹਾਂ ਨੂੰ ਆਪਣਾ ਬਚਪਨ ਯਾਦ ਆ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਐੱਸਪੀ ਅਬੋਹਰ ਸਤਿੰਦਰ ਸਿੰਘ ਨੇ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਡਰੱਗ ਫ੍ਰੀ ਹੈਲਪਲਾਈਨ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਨਾਲ ਸਬੰਧਤ ਸਮੱਸਿਆਵਾਂ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਡੀਐੱਸਪੀ ਅਬੋਹਰ ਹਰੀਸ਼ ਕੁਮਾਰ, ਥਾਣਾ ਸਿਟੀ-1 ਦੇ ਮੁਖੀ ਮਨਿੰਦਰ ਸਿੰਘ, ਸਬ-ਇੰਸਪੈਕਟਰ ਨਵਦੀਪ ਸ਼ਰਮਾ ਅਤੇ ਸਬ-ਇੰਸਪੈਕਟਰ ਸ਼ਿਵ ਕੁਮਾਰ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਸ ਪ੍ਰੋਗਰਾਮ ਦਾ ਆਯੋਜਨ ਸਪੈਸ਼ਲ ਫੋਰਸ ਅਕੈਡਮੀ ਦੇ ਸੁਭਾਸ਼ ਬਾਵਾ, ਸ਼ਹੀਦ ਭਗਤ ਸਿੰਘ ਸਪੋਰਟਸ ਅਕੈਡਮੀ ਦੇ ਰਾਧੇਸ਼ਿਆਮ ਅਤੇ ਐੱਮਐੱਸ ਅਕੈਡਮੀ ਦੇ ਕੋਚ ਮਨਮੋਹਨ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਦੌਰਾਨ ਗਗਨ ਚੁੱਘ ਨੇ ਸਾਰੇ ਕੋਚਾਂ ਨਾਲ ਜਾਣ-ਪਛਾਣ ਕਰਵਾਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਵਿੱਚ ਰਾਘਵ, ਬਲਜੀਤ ਸਿੰਘ, ਇਨਾਇਤ ਸਮੇਤ ਵੱਖ-ਵੱਖ ਖੇਡ ਅਕੈਡਮੀਆਂ ਦੇ ਲਗਭਗ 300 ਬੱਚਿਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ।