- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਕਰਮੀਆਂ ਦੀ ਹੜਤਾਲ ਕਾਰਨ ਮਾਨਸੂਨ ਦੀ ਪਹਿਲੀ ਬਰਸਾਤ ਨੇ ਨਗਰ ਕੌਂਸਲ ਦੀ ਖੋਲੀ ਪੋਲ

- ਥਾਂ-ਥਾਂ ਜਲਭਰਾਅ ਤੇ ਕੂੜੇ ਦੇ ਢੇਰਾਂ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ, ਬਿਮਾਰੀਆਂ ਫੈਲਣ ਦਾ ਖ਼ਦਸ਼ਾ
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ
ਫਾਜ਼ਿਲਕਾ : ਮੌਨਸੂਨ ਦੀ ਪਹਿਲੀ ਭਾਰੀ ਬਰਸਾਤ ਨੇ ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਜਾਰੀ ਸਫ਼ਾਈ ਕਰਮੀਆਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਪਹਿਲਾਂ ਹੀ ਲੋਕਾਂ ਲਈ ਮੁਸੀਬਤ ਬਣੇ ਹੋਏ ਸਨ, ਉੱਥੇ ਹੀ ਪਹਿਲੀ ਬਰਸਾਤ ਨੇ ਹਾਲਾਤ ਹੋਰ ਵੀ ਗੰਭੀਰ ਕਰ ਦਿੱਤੇ। ਸ਼ਹਿਰ ਦੀਆਂ ਕਈ ਮੁੱਖ ਅਤੇ ਅੰਦਰੂਨੀ ਸੜਕਾਂ 'ਤੇ ਪਾਣੀ ਭਰ ਗਿਆ, ਜਦਕਿ ਕੂੜੇ ਦੇ ਢੇਰਾਂ ਕਾਰਨ ਗੰਦਾ ਪਾਣੀ ਨਾਲੀਆਂ ਵਿੱਚੋਂ ਓਵਰਫਲੋ ਹੋ ਕੇ ਸੜਕਾਂ ’ਤੇ ਫੈਲ ਗਿਆ। ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਜਲਭਰਾਅ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਕੂਲ ਜਾਣ ਵਾਲੇ ਵਿਦਿਆਰਥੀਆਂ, ਦਫ਼ਤਰਾਂ ਵਿੱਚ ਜਾਣ ਵਾਲੇ ਕਰਮਚਾਰੀਆਂ ਅਤੇ ਰਾਹਗੀਰਾਂ ਨੂੰ ਪਾਣੀ ਨਾਲ ਭਰੀਆਂ ਸੜਕਾਂ ਵਿੱਚੋਂ ਲੰਘਣਾ ਪਿਆ। ਕਈ ਥਾਵਾਂ ’ਤੇ ਦੋਪਹੀਆ ਵਾਹਨ ਵੀ ਪਾਣੀ ਵਿੱਚ ਫਸ ਗਏ।
ਸਫ਼ਾਈ ਕਰਮੀਆਂ ਦੀ ਹੜਤਾਲ ਕਾਰਨ ਕਈ ਦਿਨਾਂ ਤੋਂ ਸ਼ਹਿਰ ਵਿੱਚ ਪਿਆ ਕੂੜਾ ਬਰਸਾਤ ਦੇ ਪਾਣੀ ਨਾਲ ਰਲ ਕੇ ਸੜਕਾਂ ਅਤੇ ਨਾਲੀਆਂ ਵਿੱਚ ਫੈਲ ਗਿਆ। ਇਸ ਕਾਰਨ ਨਾ ਸਿਰਫ਼ ਗੰਦਗੀ ਵਿੱਚ ਵਾਧਾ ਹੋਇਆ, ਸਗੋਂ ਬਦਬੂ ਕਾਰਨ ਆਸ-ਪਾਸ ਦੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਗਿਆ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਸਥਿਤੀ ਜਲਦੀ ਨਾ ਸੰਭਾਲੀ ਗਈ ਤਾਂ ਮੱਛਰਾਂ ਦੀ ਪੈਦਾਵਾਰ ਵਧਣ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਸਕਦਾ ਹੈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਵੱਲੋਂ ਨਾ ਤਾਂ ਬਰਸਾਤ ਤੋਂ ਪਹਿਲਾਂ ਨਾਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਨਾ ਹੀ ਜਲ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ। ਹੜਤਾਲ ਦੇ ਬਾਵਜੂਦ ਸ਼ਹਿਰ ਦੀ ਸਫਾਈ ਅਤੇ ਕੂੜਾ ਚੁੱਕਣ ਲਈ ਕੋਈ ਬਦਲਵਾਂ ਪ੍ਰਬੰਧ ਵੀ ਨਹੀਂ ਕੀਤਾ ਗਿਆ, ਜਿਸ ਕਾਰਨ ਪਹਿਲੀ ਹੀ ਬਰਸਾਤ ਵਿੱਚ ਸ਼ਹਿਰ ਦੀ ਸੂਰਤ ਬਿਗੜ ਗਈ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਫਾਈ ਕਰਮੀਆਂ ਦੀ ਹੜਤਾਲ ਦਾ ਜਲਦੀ ਹੱਲ ਕੱਢਿਆ ਜਾਵੇ ਅਤੇ ਸ਼ਹਿਰ ਵਿੱਚ ਕੂੜੇ ਦੀ ਤੁਰੰਤ ਸਫਾਈ ਕਰਵਾਈ ਜਾਵੇ। ਇਸ ਦੇ ਨਾਲ ਹੀ ਜਲ ਨਿਕਾਸੀ ਦੀ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਬਰਸਾਤਾਂ ਦੌਰਾਨ ਲੋਕਾਂ ਨੂੰ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਮੌਨਸੂਨ ਦੀ ਇਹ ਪਹਿਲੀ ਬਰਸਾਤ ਹੀ ਨਗਰ ਕੌਂਸਲ ਦੀ ਤਿਆਰੀ ਦੀ ਅਸਲ ਤਸਵੀਰ ਸਾਹਮਣੇ ਲੈ ਆਈ ਹੈ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ।