ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ ’ਚ ਸ਼ਾਮਲ ਹੋਵੇ : ਰਾਸ਼ਟਰਪਤੀ ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ
Publish Date: Tue, 29 Sep 2026 06:34 PM (IST)
Updated Date: Wed, 30 Sep 2026 04:04 AM (IST)
* ਸਾਲਾਨਾ ਸ਼ਹੀਦੀ ਦਿਵਸ ਸਮਾਗਮ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ * ਸ਼ਹੀਦਾਂ ਦੀ ਪ੍ਰੇਰਨਾਦਾਇਕ ਵਿਰਾਸਤ ਨੂੰ ਦਰਸਾਉਂਦੀ ਕੌਫੀ ਟੇਬਲ ਬੁੱਕ ਵੀ ਭੇਟ ਕੀਤੀ ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ ਫ਼ਾਜ਼ਿਲਕਾ : ਆਸਫਵਾਲਾ ਸ਼ਹੀਦੀ ਸਮਾਰਕ ਨਾਲ ਸਬੰਧਤ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਮਾਜ ਸੇਵੀ ਤੇ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਕਰਨ ਗਿਲਹੋਤਰਾ ਦੇ ਸਹਿਯੋਗ ਨਾਲ ਵਫ਼ਦ ਨੇ ਰਾਸ਼ਟਰਪਤੀ ਨੂੰ ਫਾਜ਼ਿਲਕਾ ਦੇ ਆਸਫਵਾਲਾ ਵਿਖੇ ਦਸੰਬਰ ’ਚ ਹੋਣ ਵਾਲੇ ਸਾਲਾਨਾ ਸ਼ਹੀਦੀ ਦਿਵਸ ਸਮਾਗਮ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਵਫ਼ਦ ’ਚ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਕਰਨ ਗਿਲਹੋਤਰਾ ਤੇ ਜਨਰਲ ਸਕੱਤਰ ਪ੍ਰਫੁੱਲ ਕੁਮਾਰ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਨੂੰ ਆਸਫਵਾਲਾ ਵਾਰ ਮੈਮੋਰੀਅਲ ਦੇ ਗੌਰਵਮਈ ਇਤਿਹਾਸ ਤੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ। ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਸ਼ਹੀਦੀ ਦਿਵਸ ਸਮਾਗਮ ਦਾ ਸੱਦਾ ਪੱਤਰ, ਆਸਫਵਾਲਾ ਸ਼ਹੀਦੀ ਸਮਾਰਕ ਦੀ ਹੱਥ ਨਾਲ ਤਿਆਰ ਕੀਤੀ ਪੇਂਟਿੰਗ ਅਤੇ ਸ਼ਹੀਦਾਂ ਦੀ ਪ੍ਰੇਰਨਾਦਾਇਕ ਵਿਰਾਸਤ ਨੂੰ ਦਰਸਾਉਂਦੀ ਕੌਫੀ ਟੇਬਲ ਬੁੱਕ ਵੀ ਭੇਟ ਕੀਤੀ। ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈਣ ਨੌਜਵਾਨ ਮੁਲਾਕਾਤ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੁਝਾਅ ਦਿੱਤਾ ਕਿ ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਬਹਾਦਰ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਮਜ਼ਬੂਤ ਹੋਵੇਗੀ ਅਤੇ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣਗੇ। ਪਾਠਕ੍ਰਮ ’ਚ ਸ਼ਾਮਲ ਕਰਵਾਉਣ ਲਈ ਕੀਤੇ ਜਾਣਗੇ ਯਤਨ : ਕਟਾਰੀਆ ਕਰਨ ਗਿਲਹੋਤਰਾ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਸੁਝਾਅ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਆਸਫਵਾਲਾ ਦੇ ਸ਼ਹੀਦਾਂ ਦੇ ਇਤਿਹਾਸ ਨੂੰ ਵਿਦਿਅਕ ਪਾਠਕ੍ਰਮ ਵਿੱਚ ਸ਼ਾਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਗਾਥਾ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਲਾਕਾਤ ਨੂੰ ਆਸਫਵਾਲਾ ਦੇ ਸ਼ਹੀਦਾਂ ਦੀ ਕੁਰਬਾਨੀ ਅਤੇ ਇਤਿਹਾਸ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।