ਜਲਾਲਾਬਾਦ ’ਚ ਅਮਨ ਕਾਨੂੰਨ ਦੀ ਸਥਿਤੀ ਦਾ ਮਾਮਲਾ ਸੰਸਦ ਦੇ ਸੈਸ਼ਨ ਦੌਰਾਨ ਚੁੱਕਿਆ ਜਾਏਗਾ : ਸ਼ੇਰ ਸਿੰਘ ਘੁਬਾਇਆ
ਜਲਾਲਾਬਾਦ ਵਿੱਚ ਅਮਨ ਕਾਨੂੰਨ ਦੀ ਖਰਾਬ ਸਥਿਤੀ ਦਾ ਮਾਮਲਾ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਚੁੱਕਿਆ ਜਾਏਗਾ
Publish Date: Sun, 08 Feb 2026 03:49 PM (IST)
Updated Date: Sun, 08 Feb 2026 03:53 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜ਼ਿਲ੍ਹਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਹੈ ਕਿ ਜਲਾਲਾਬਾਦ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਲੁੱਟਾਂ, ਖੋਹਾਂ, ਚੋਰੀਆਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਅਮਨ ਕਾਨੂੰਨ ਦੀ ਸਥਿਤੀ ਦਿਨੋਂਦਿਨ ਗੰਭੀਰ ਬਣਦੀ ਜਾ ਰਹੀ ਹੈ। ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਇਲਾਕਿਆਂ ਵਿੱਚ ਲੋਕ ਸ਼ਾਮ ਦੇ ਬਾਅਦ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗ ਪਏ ਹਨ। ਵਪਾਰੀ ਵਰਗ ਦਾ ਕਾਰੋਬਾਰ ਕਰਨਾ ਮੁਸ਼ਕਲ ਹੋ ਗਿਆ ਹੈ ਅਤੇ ਹਰ ਵੇਲੇ ਕਿਸੇ ਅਣਹੋਣੀ ਦਾ ਖ਼ਤਰਾ ਬਣਿਆ ਰਹਿੰਦਾ ਹੈ। ਐਮਪੀ ਘੁਬਾਇਆ ਨੇ ਕਿਹਾ ਕਿ ਸ਼ਹਿਰ ਦੇ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਸ਼ਾ ਤਸਕਰੀ, ਚੋਰੀਆਂ ਅਤੇ ਲੁੱਟਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ। ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਮੁਲਜ਼ਮ ਬੇਖੌਫ਼ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਨਾਲ ਅਪਰਾਧੀਆਂ ਦੇ ਹੌਸਲੇ ਹੋਰ ਵਧ ਰਹੇ ਹਨ ਅਤੇ ਕਾਨੂੰਨ ਦਾ ਡਰ ਘਟਦਾ ਜਾ ਰਿਹਾ ਹੈ। ਸ਼ੇਰ ਸਿੰਘ ਘੁਬਾਇਆ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਲਾਲਾਬਾਦ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਦੇਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਅੱਜ ਹਾਲਾਤ ਇਹ ਹਨ ਕਿ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਜਲਾਲਾਬਾਦ ਵਿੱਚ ਰੋਜ਼ਾਨਾ ਲੁੱਟਾਂ, ਖੋਹਾਂ, ਚੋਰੀਆਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਆਮ ਗੱਲ ਬਣ ਚੁੱਕੀਆਂ ਹਨ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਲੋਕਾਂ ਦਾ ਭਰੋਸਾ ਪ੍ਰਸ਼ਾਸਨ ਤੋਂ ਉੱਠਦਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਨੂੰ ਅਪੀਲ ਕੀਤੀ ਕਿ ਜਲਾਲਾਬਾਦ ਵਿੱਚ ਅਪਰਾਧੀਆਂ ‘ਤੇ ਨਕੇਲ ਕੱਸੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਹਾਲਾਤਾਂ ਵਿੱਚ ਜਲਦੀ ਸੁਧਾਰ ਨਾ ਆਇਆ ਤਾਂ ਲੋਕਾਂ ਦਾ ਪ੍ਰਸ਼ਾਸਨ ਤੋਂ ਭਰੋਸਾ ਪੂਰੀ ਤਰ੍ਹਾਂ ਟੁੱਟ ਜਾਵੇਗਾ। ਜੇ ਤੁਰੰਤ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਬਦਤਰ ਹੋ ਸਕਦੇ ਹਨ। ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਇਹ ਵੀ ਸਪਸ਼ਟ ਕੀਤਾ ਕਿ ਜਲਾਲਾਬਾਦ ਵਿੱਚ ਅਮਨ ਕਾਨੂੰਨ ਦੀ ਖਰਾਬ ਸਥਿਤੀ ਦਾ ਮਾਮਲਾ ਉਹ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਠਾਉਣਗੇ ਅਤੇ ਕੇਂਦਰ ਸਰਕਾਰ ਨੂੰ ਇਸ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਜਾਵੇਗੀ। ਫਿਲਹਾਲ ਜਲਾਲਾਬਾਦ ਦੇ ਨਿਵਾਸੀ ਸਰਕਾਰ ਅਤੇ ਪ੍ਰਸ਼ਾਸਨ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਤੱਕ ਰਹੇ ਹਨ ਕਿ ਕਦੋਂ ਸ਼ਹਿਰ ਵਿੱਚ ਮੁੜ ਅਮਨ ਅਤੇ ਸੁਰੱਖਿਆ ਦਾ ਮਾਹੌਲ ਬਣੇਗਾ।