ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਸੁਚੱਜੇ ਪ੍ਰਬੰਧਾਂ ਹੇਠ ਸਫ਼ਲਤਾਪੂਰਵਕ ਸੰਪੰਨ ਜ਼ਿਲ੍ਹਾ ਫਾਜ਼ਿਲਕਾ ਵਿੱਚ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ
Publish Date: Sun, 22 Nov 2026 04:34 PM (IST)
Updated Date: Mon, 23 Nov 2026 04:02 AM (IST)
-15 ਪ੍ਰੀਖਿਆ ਕੇਂਦਰਾਂ ’ਚ 5021 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ, 87.67 ਫ਼ੀਸਦੀ ਰਹੀ ਹਾਜ਼ਰੀ ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੜ੍ਹਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸਸੀਈਆਰਟੀ ਪੰਜਾਬ ਰਾਹੀਂ ਕਰਵਾਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਸ਼ਮੀਰੀ ਲਾਲ ਨੇ ਦੱਸਿਆ ਕਿ ਇਸ ਵਜ਼ੀਫ਼ਾ ਪ੍ਰੀਖਿਆ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਲ 15 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਇਨ੍ਹਾਂ ਵਿੱਚ ਤਹਿਸੀਲ ਫਾਜ਼ਿਲਕਾ ਵਿੱਚ 5, ਤਹਿਸੀਲ ਅਬੋਹਰ ਵਿੱਚ 7 ਅਤੇ ਤਹਿਸੀਲ ਜਲਾਲਾਬਾਦ ਵਿੱਚ 3 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਪ੍ਰੀਖਿਆ ਲਈ ਵਧੀਆ ਤਿਆਰੀ ਕਰਵਾਈ ਗਈ ਸੀ, ਜਿਸ ਦੇ ਸਦਕਾ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੀਖਿਆ ਵਿੱਚ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਨਾਲ ਡਾਇਟ ਪ੍ਰਿੰਸੀਪਲ ਕਮ ਅਬਜ਼ਰਵਰ ਰਜਿੰਦਰ ਕੁਮਾਰ ਵਿਖੌਨਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਲ 5727 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ 5021 ਪ੍ਰੀਖਿਆਰਥੀ ਹਾਜ਼ਰ ਹੋਏ, ਜਦਕਿ 706 ਪ੍ਰੀਖਿਆਰਥੀ ਗੈਰਹਾਜ਼ਰ ਰਹੇ। ਇਸ ਤਰ੍ਹਾਂ ਪ੍ਰੀਖਿਆ ਵਿੱਚ 87.67 ਫ਼ੀਸਦੀ ਹਾਜ਼ਰੀ ਦਰਜ ਕੀਤੀ ਗਈ। ਅਧਿਕਾਰੀਆਂ ਵੱਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਵੀ ਕੀਤੀ ਗਈ। ਇਸ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸਮੂਹ ਕੇਂਦਰ ਸੁਪਰਡੈਂਟਾਂ ਅਤੇ ਨਿਗਰਾਨ ਅਮਲੇ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।