ਫ਼ਾਜ਼ਿਲਕਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫ਼ਾਜ਼ਿਲਕਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Publish Date: Fri, 18 Sep 2026 05:42 PM (IST)
Updated Date: Fri, 18 Sep 2026 05:44 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਦੀ ਜਾਣਕਾਰੀ ਮਿਲਦੇ ਹੀ ਫ਼ਾਜ਼ਿਲਕਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੌਗ ਸਕੁਐਡ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਵੱਲੋਂ ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜੁਡੀਸ਼ੀਅਲ ਕੋਰਟ ਕੰਪਲੈਕਸ ਅਤੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਸੂਚਨਾ ਪੁਲਿਸ ਨੂੰ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਟੀਮਾਂ ਅਤੇ ਡੌਗ ਸਕੁਐਡ ਵੱਲੋਂ ਕੋਰਟ ਕੰਪਲੈਕਸ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਧਮਕੀ ਦੀ ਸੂਚਨਾ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ। ਪੁਲਿਸ ਵੱਲੋਂ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਲੋਕਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਕੋਰਟ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਗਈ। ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਧਮਕੀ ਦੀ ਸੂਚਨਾ ਕਿੱਥੋਂ ਮਿਲੀ, ਇਸ ਦਾ ਸਰੋਤ ਕੀ ਹੈ ਅਤੇ ਇਸ ਪਿੱਛੇ ਕਿਸ ਦੀ ਭੂਮਿਕਾ ਹੋ ਸਕਦੀ ਹੈ, ਇਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਸਕੂਲਾਂ ਨੂੰ ਮਿਲੀ ਧਮਕੀ ਨਾਲ ਵੀ ਜੋੜ ਕੇ ਕੀਤੀ ਜਾ ਰਹੀ ਜਾਂਚ ਇਸ ਮਾਮਲੇ ਵਿੱਚ ਫ਼ਾਜ਼ਿਲਕਾ ਦੇ 6 ਤੋਂ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਸਕੂਲਾਂ ਸਬੰਧੀ ਮਿਲੀ ਧਮਕੀ ਅਤੇ ਕੋਰਟ ਕੰਪਲੈਕਸ ਨੂੰ ਮਿਲੀ ਧਮਕੀ ਨੂੰ ਲੈ ਕੇ ਪੁਲਿਸ ਵੱਲੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਧਮਕੀ ਦੇ ਸਰੋਤ ਅਤੇ ਸੁਨੇਹੇ ਨਾਲ ਜੁੜੇ ਤਕਨੀਕੀ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਲੋਕ ਅਫ਼ਵਾਹਾਂ ਤੋਂ ਦੂਰ ਰਹਿਣ : ਐੱਸਐੱਸਪੀ ਗਗਨ ਅਜੀਤ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਮਕੀ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਅਪੁਸ਼ਟ ਜਾਣਕਾਰੀ ਜਾਂ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਕਰਨਾ ਜ਼ਰੂਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਨੂੰ ਲੈ ਕੇ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਅਤੇ ਡੌਗ ਸਕੁਐਡ ਵੱਲੋਂ ਜਾਂਚ ਜਾਰੀ ਹੈ। ਧਮਕੀ ਸਬੰਧੀ ਜਾਂਚ ਪੂਰੀ ਹੋਣ ਅਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪਸ਼ਟ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕਰਦਿਆਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।