- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਦੀ ਅਗਵਾਈ ਹੇਠ ਏਐੱਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਜੱਲਾ ਲੱਖੇ ਕੇ ਹਿਠਾੜ (ਧੁਨਕੀਆਂ) ਤੋਂ ਅੱਗੇ ਢਾਣੀ ਬਚਨ ਸਿੰਘ ਤੋਂ ਭਾਰਤ-ਪਾਕਿਸਤਾਨ ਸਰਹੱਦ ਵੱਲ ਜਾਂਦੇ ਕੱਚੇ ਰਸਤੇ ਦੇ ਟੀ-ਪੁਆਇੰਟ ਨੇੜੇ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਕੋਲ ਤਿੰਨ ਵਿਅਕਤੀ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤੇ।

ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ: ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਵੱਲੋਂ ਥਾਣਾ ਸਦਰ ਜਲਾਲਾਬਾਦ ਦੇ ਖੇਤਰ ਵਿੱਚ ਕੀਤੀ ਗਈ।
ਜਾਣਕਾਰੀ ਦਿੰਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਦੀ ਅਗਵਾਈ ਹੇਠ ਏਐੱਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਜੱਲਾ ਲੱਖੇ ਕੇ ਹਿਠਾੜ (ਧੁਨਕੀਆਂ) ਤੋਂ ਅੱਗੇ ਢਾਣੀ ਬਚਨ ਸਿੰਘ ਤੋਂ ਭਾਰਤ-ਪਾਕਿਸਤਾਨ ਸਰਹੱਦ ਵੱਲ ਜਾਂਦੇ ਕੱਚੇ ਰਸਤੇ ਦੇ ਟੀ-ਪੁਆਇੰਟ ਨੇੜੇ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਕੋਲ ਤਿੰਨ ਵਿਅਕਤੀ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤੇ।
ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਇਕ ਵਿਅਕਤੀ ਦੇ ਹੱਥ ਵਿੱਚ ਪਲਾਸਟਿਕ ਦਾ ਗੱਟਾ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਤਿੰਨਾਂ ਨੇ ਮੋਟਰ ਵਾਲੇ ਕਮਰੇ ਦੀ ਆੜ ਵਿੱਚ ਲੁਕਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਸੰਜੀਵ ਸਿੰਘ ਉਰਫ਼ ਸੰਜੂ, ਧੀਰਜਪਾਲ ਉਰਫ਼ ਧੀਰਜ ਅਤੇ ਮਨਦੀਪ ਸਿੰਘ ਉਰਫ਼ ਦੀਪੀ ਵਜੋਂ ਹੋਈ।
ਪੁਲਿਸ ਵੱਲੋਂ ਮੌਕੇ ’ਤੇ ਕਪਤਾਨ ਪੁਲਿਸ ਸਬ-ਡਵੀਜ਼ਨ ਜਲਾਲਾਬਾਦ ਲਵਦੀਪ ਸਿੰਘ ਪੀਪੀਐੱਸ ਦੀ ਹਾਜ਼ਰੀ ਵਿੱਚ ਗੱਟੇ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਵਿੱਚੋਂ 04 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 203 ਮਿਤੀ 29 ਸਤੰਬਰ 2026 ਤਹਿਤ ਧਾਰਾ 21ਸੀ, 23, 29/61/85 ਐੱਨਡੀਪੀਐੱਸ ਐਕਟ ਅਧੀਨ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕੀਤਾ ਹੈ।
ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਖੇਪ
ਮੁੱਢਲੀ ਤਫਤੀਸ਼ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਪੁਲਿਸ ਅਨੁਸਾਰ ਇਸ ਤੋਂ ਪਹਿਲਾਂ ਇਹ ਤਸਕਰ ਫਿਰੋਜ਼ਪੁਰ ਦੇ ਕੁੱਲਗੜ੍ਹੀ ਇਲਾਕੇ ਦੇ ਇਕ ਤਸਕਰ ਰਾਹੀਂ ਨਸ਼ਾ ਮੰਗਵਾਉਂਦੇ ਸਨ। ਉਕਤ ਤਸਕਰ ਦੇ ਪਿਛਲੇ ਦਿਨੀਂ ਫਿਰੋਜ਼ਪੁਰ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਅਤੇ ਜੇਲ੍ਹ ਜਾਣ ਤੋਂ ਬਾਅਦ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਖੁਦ ਪਾਕਿਸਤਾਨੀ ਤਸਕਰ ਨਾਲ ਸੰਪਰਕ ਕਰਕੇ ਇਹ ਖੇਪ ਮੰਗਵਾਈ ਸੀ। ਪੁਲਿਸ ਮੁਤਾਬਕ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।
ਪੁਲਿਸ ਵੱਲੋਂ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਤਫਤੀਸ਼ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।