ਡਾ. ਅਮਨਦੀਪ ਸਿੰਘ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ ਡਾਕਟਰ ਅਮਨਦੀਪ ਸਿੰਘ ਹੱਤਿਆ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ
Publish Date: Mon, 14 Sep 2026 05:41 PM (IST)
Updated Date: Mon, 14 Sep 2026 05:44 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਪਿੰਡ ਗਿੱਦੜਾਂਵਾਲੀ ਵਿੱਚ ਪਸ਼ੂ ਡਾਕਟਰ ਅਮਨਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ, ਸਾਜਨ ਸਿੰਘ ਅਤੇ ਜਗਮੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਰਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 103 ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ ਨੇ ਅਸੰਤੋਸ਼ ਜ਼ਾਹਰ ਕਰਦਿਆਂ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਦੇ ਬਾਹਰ ਧਰਨਾ ਲਗਾ ਦਿੱਤਾ। ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਕਥਿਤ ਨਸ਼ਾ ਤਸਕਰਾਂ ਅਤੇ ਧਮਕੀਆਂ ਦੇਣ ਵਾਲੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ। ਪਰਿਵਾਰ ਵੱਲੋਂ ਸਬੰਧਤ ਥਾਣਾ ਇੰਚਾਰਜ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ ਗਈ। ਹਫ਼ਤਾ ਪਹਿਲਾਂ ਧਮਕੀ ਮਿਲਣ ਦਾ ਦਾਅਵਾ ਮ੍ਰਿਤਕ ਦੇ ਭਰਾ ਰਮਨਦੀਪ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਕਥਿਤ ਨਸ਼ਾ ਤਸਕਰੀ ਨਾਲ ਸਬੰਧਤ ਇੱਕ ਵੀਡੀਓ ਬਣਾਈ ਗਈ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਵੀਡੀਓ ਰਾਹੀਂ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਡਾਕਟਰ ਅਮਨਦੀਪ ਸਿੰਘ ਦੀ ਹੱਤਿਆ ਨੂੰ ਰੋਕਿਆ ਜਾ ਸਕਦਾ ਸੀ। ਧਰਨੇ ਵਾਲੀ ਥਾਂ ’ਤੇ ਵਿਧਾਇਕ ਸੰਦੀਪ ਜਾਖੜ, ਕਾਂਗਰਸੀ ਆਗੂ ਸੁਧੀਰ ਭਾਦੂ, ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਦੀਪ ਕੰਬੋਜ ਅਤੇ ਕਾਂਗਰਸ ਦੇ ਨਗਰ ਪ੍ਰਧਾਨ ਸੁਭਾਸ਼ ਬਾਘਲਾ ਵੀ ਪਹੁੰਚੇ। ਆਗੂਆਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ’ਤੇ ਸਵਾਲ ਚੁੱਕੇ। ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਅਤੇ ਸੁਖਮੰਦਰ ਸਿੰਘ ਨੇ ਵੀ ਪਰਿਵਾਰ ਦੀਆਂ ਮੰਗਾਂ ਦਾ ਸਮਰਥਨ ਕੀਤਾ। ਥਾਣਾ ਨੰਬਰ-2 ਦੇ ਇੰਚਾਰਜ ਰਵਿੰਦਰ ਸਿੰਘ ਅਤੇ ਖੁਈਆਂ ਸਰਵਰ ਥਾਣੇ ਦੇ ਇੰਚਾਰਜ ਪਰਮਜੀਤ ਸਿੰਘ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਪਰਿਵਾਰ ਵੱਲੋਂ ਜਾਂਚ ਦੌਰਾਨ ਜਿਨ੍ਹਾਂ ਹੋਰ ਵਿਅਕਤੀਆਂ ਦੇ ਨਾਂ ਦਿੱਤੇ ਜਾਣਗੇ, ਉਨ੍ਹਾਂ ਖ਼ਿਲਾਫ਼ ਵੀ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਸ਼ੇ ਤੇ ਕਾਨੂੰਨ-ਵਿਵਸਥਾ ’ਤੇ ਸੰਦੀਪ ਜਾਖੜ ਨੇ ਘੇਰੀ ਸਰਕਾਰ ਵਿਧਾਇਕ ਸੰਦੀਪ ਜਾਖੜ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗਿੱਦੜਾਂਵਾਲੀ ਵਿੱਚ ਹੋਈ ਹੱਤਿਆ ਪੰਜਾਬ ਵਿੱਚ ਵਧ ਰਹੇ ਨਸ਼ੇ ਅਤੇ ਅਪਰਾਧ ਦੀ ਗੰਭੀਰ ਸਥਿਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਾਂ ਅਤੇ ਪ੍ਰਚਾਰ ਨਾਲ ਨਸ਼ੇ ਦੀ ਸਮੱਸਿਆ ਖ਼ਤਮ ਨਹੀਂ ਹੋਵੇਗੀ। ਸਰਕਾਰ ਨੂੰ ਨਸ਼ੇ ਦੇ ਕਾਰੋਬਾਰ ਅਤੇ ਅਪਰਾਧ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗਿੱਦੜਾਂਵਾਲੀ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।