- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਕਰਮਦੀਨ ਯੂਥ ਕਲੱਬ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼
-ਜੇਤੂ ਨੂੰ 51 ਹਜ਼ਾਰ ਤੇ ਉਪਜੇਤੂ ਟੀਮ ਨੂੰ ਮਿਲਣਗੇ 31 ਹਜ਼ਾਰ ਰੁਪਏ
ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ: ਬਾਬਾ ਕਰਮਦੀਨ ਯੂਥ ਕਲੱਬ ਮੰਡੀ ਘੁਬਾਇਆ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਅੱਜ ਮੰਡੀ ਘੁਬਾਇਆ ਦੇ ਕ੍ਰਿਕਟ ਸਟੇਡੀਅਮ ਵਿਖੇ ਉਤਸ਼ਾਹ ਨਾਲ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨ ਪੁਲਿਸ ਉਪ ਕਪਤਾਨ ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ (ਪੀਪੀਐੱਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਡੀਐੱਸਪੀ ਬਚਨ ਸਿੰਘ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਬਾਬਾ ਕਰਮਦੀਨ ਯੂਥ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੇਂਡੂ ਪੱਧਰ ''ਤੇ ਅਜਿਹੇ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਇਲਾਕੇ ਦੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਤੇ ਖੇਡ ਭਾਵਨਾ ਨਾਲ ਖੇਡਣ ਦਾ ਸੁਨੇਹਾ ਦਿੱਤਾ।
ਕਲੱਬ ਵੱਲੋਂ ਦੱਸਿਆ ਗਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ’ਚ ਵੱਖ-ਵੱਖ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਮੁਕਾਬਲੇ ਵਿੱਚ ਜੇਤੂ ਰਹਿਣ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦਕਿ ਉਪ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਇਸ ਮੌਕੇ ਕਲੱਬ ਦੇ ਚੇਅਰਮੈਨ ਬਿਸ਼ੰਬਰ ਸਿੰਘ, ਪ੍ਰਧਾਨ ਸੋਨੂੰ ਵਾਧਵਾ, ਉਪ ਪ੍ਰਧਾਨ ਡਾ. ਓਮ ਪ੍ਰਕਾਸ਼, ਅਮਰਜੀਤ ਸਿੰਘ, ਸ਼ਿੰਦਰ ਸਿੰਘ ਅਤੇ ਵਿੱਕੀ ਘੁਬਾਇਆ ਨੇ ਮੁੱਖ ਮਹਿਮਾਨ ਡੀਐੱਸਪੀ ਬਚਨ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਲਤੇਜ ਬਰਾੜ, ਜੋਗਿੰਦਰ ਸਿੰਘ, ਬਿੱਟੂ ਪ੍ਰਧਾਨ, ਕਸ਼ਮੀਰ ਸਿੰਘ ਘੁਬਾਇਆ, ਜਗਦੀਸ਼ ਮੱਗੂ, ਬਹਾਲ ਸਿੰਘ ਭੰਡਾਰੀ ਅਤੇ ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।