ਪੰਜਾਬ ਭਰ ਦੇ ਬੱਸ ਸਟੈਂਡਾਂ ’ਤੇ ਟਰਾਂਸਪੋਰਟ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ
ਪੰਜਾਬ ਭਰ ਦੇ ਬੱਸ ਸਟੈਂਡਾਂ ’ਤੇ ਟਰਾਂਸਪੋਰਟ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ
Publish Date: Wed, 20 May 2026 05:09 PM (IST)
Updated Date: Wed, 20 May 2026 05:13 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਭਰ ਦੇ ਬੱਸ ਸਟੈਂਡਾਂ ’ਤੇ ਦੋ ਘੰਟਿਆਂ ਲਈ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਫਾਜ਼ਿਲਕਾ ਬੱਸ ਸਟੈਂਡ ਵਿਖੇ ਹੋਏ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਰਕਾਰ ਉੱਤੇ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਅਤੇ ਕੱਚੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਦੇ ਦੋਸ਼ ਲਗਾਏ। ਯੂਨੀਅਨ ਆਗੂ ਅਤੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਬਣੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਵਿਭਾਗ ਲਈ ਇੱਕ ਵੀ ਨਵੀਂ ਸਰਕਾਰੀ ਬੱਸ ਨਹੀਂ ਖਰੀਦੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਚਲਾ ਕੇ ਟਰਾਂਸਪੋਰਟ ਵਿਭਾਗ ਨੂੰ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਅਨ ਦੇ ਵਰਕਰਾਂ ਅਤੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਾਜ਼ਮਾਂ ’ਤੇ ਨਾਜਾਇਜ਼ ਪਰਚੇ ਦਰਜ ਕਰਕੇ 307 ਵਰਗੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਕਈ ਸਾਥੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ ਹੈ। ਜਰਨਲ ਸਕੱਤਰ, ਚੇਅਰਮੈਨ ਅਤੇ ਨੇ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਡਰ ਨੀਤੀ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਦਾ ਹੋਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਕਈ ਫ਼ੈਸਲਿਆਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਵਿਸ ਰੂਲਾਂ ਤਹਿਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਪ੍ਰਥਾ ਖਤਮ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਦਰਜ ਪਰਚੇ ਰੱਦ ਕਰਕੇ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 18 ਮਈ ਦੀ ਮੀਟਿੰਗ ਵਿੱਚ ਬਣੀ ਸਹਿਮਤੀ ਨੂੰ ਲਾਗੂ ਨਾ ਕੀਤਾ ਗਿਆ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 25, 26 ਅਤੇ 27 ਮਈ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।