ਸ਼ਹੀਦਾਂ ਦੇ ਆਦਰਸ਼ਾਂ, ਸਾਹਸ ਤੇ ਦੇਸ਼ ਪ੍ਰੇਮ ਤੋਂ ਪ੍ਰੇਰਨਾ ਲਵੇ ਨੌਜਵਾਨ ਪੀੜ੍ਹੀ : ਮੈਡਮ ਬਰਾੜ ਗੌਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀਆਂ ਭੇਟ
Publish Date: Thu, 19 Nov 2026 04:28 PM (IST)
Updated Date: Fri, 20 Nov 2026 04:01 AM (IST)
ਗੌਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀਆਂ ਭੇਟ, ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਤੇ ਨਾਟਕ ਰਾਹੀਂ ਸ਼ਹੀਦ ਦੇ ਜੀਵਨ ਤੇ ਕੁਰਬਾਨੀ ਨੂੰ ਕੀਤਾ ਯਾਦ ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਗੌਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਅਤੇ ਸਤਿਕਾਰ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਦੇਸ਼ ਲਈ ਦਿੱਤੇ ਮਹਾਨ ਬਲੀਦਾਨ ਨੂੰ ਯਾਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ ਅਤੇ ਨਾਟਕ ਰਾਹੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਸੰਘਰਸ਼, ਦੇਸ਼ ਭਗਤੀ ਤੇ ਕੁਰਬਾਨੀ ਨੂੰ ਯਾਦ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਵੱਲੋਂ ਕੀਤੇ ਸੰਘਰਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਕਵਿਤਾਵਾਂ ਰਾਹੀਂ ਸ਼ਹੀਦਾਂ ਪ੍ਰਤੀ ਸਤਿਕਾਰ ਪ੍ਰਗਟਾਇਆ ਗਿਆ, ਜਦਕਿ ਭਾਸ਼ਣਾਂ ਵਿੱਚ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਘਟਨਾਵਾਂ ਬਾਰੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ ਨੇ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਕ੍ਰਾਂਤੀਕਾਰੀਆਂ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਸਾਨੂੰ ਉਨ੍ਹਾਂ ਦੇ ਆਦਰਸ਼ਾਂ, ਸਾਹਸ ਅਤੇ ਦੇਸ਼ ਪ੍ਰੇਮ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਨਵੀਂ ਪੀੜ੍ਹੀ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤੀ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਨਾਇਕ ਸਨ, ਜਿਨ੍ਹਾਂ ਦਾ ਨਾਮ ਇਤਿਹਾਸ ਵਿੱਚ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਦਰਜ ਰਹੇਗਾ। ਉਨ੍ਹਾਂ ਦਾ ਜੀਵਨ ਸਾਨੂੰ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਆਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਅਨੁਸ਼ਾਸਨ, ਸਾਹਸ ਅਤੇ ਸਮਰਪਣ ਵਰਗੇ ਗੁਣ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਫਰਜ਼ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਪੂਰਾ ਸਹਿਯੋਗ ਦਿੱਤਾ।