650ਵੇਂ ਪ੍ਰਕਾਸ਼ ਪੁਰਬ ਮੌਕੇ ਸਾਂਝੀਵਾਲਤਾ ਯਾਤਰਾ ਨੇ ਦਿੱਤਾ ਇਕਜੁੱਟਤਾ ਦਾ ਸੰਦੇਸ਼ 650ਵੇਂ ਪ੍ਰਕਾਸ਼ ਪੁਰਬ ਮੌਕੇ ਸਾਂਝੀਵਾਲਤਾ ਯਾਤਰਾ ਨੇ ਦਿੱਤਾ ਸਮਾਜਿਕ ਏਕਤਾ ਦਾ ਸੰਦੇਸ਼
Publish Date: Sun, 29 Nov 2026 05:21 PM (IST)
Updated Date: Sun, 29 Nov 2026 05:22 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜਿਕ ਸਮਰਸਤਾ ਮੰਚ ਪੰਜਾਬ ਵੱਲੋਂ ਕੱਢੀ ਜਾ ਰਹੀ ਸਾਂਝੀਵਾਲਤਾ ਯਾਤਰਾ ਦੇ ਜਲਾਲਾਬਾਦ ਪਹੁੰਚਣ ’ਤੇ ਸ਼ੌਰਿਆ ਚੱਕਰ ਸਨਮਾਨਿਤ ਕੈਪਟਨ ਗੁਰਚਰਨ ਸਿੰਘ ਗਿੱਲ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ਵਿੱਚ ਸ਼ਾਮਲ ਸੰਗਤ ਦਾ ਸਵਾਗਤ ਕਰਦਿਆਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਾਜਿਕ ਏਕਤਾ, ਬਰਾਬਰੀ ਅਤੇ ਆਪਸੀ ਭਾਈਚਾਰੇ ਲਈ ਪ੍ਰੇਰਨਾਦਾਇਕ ਦੱਸਿਆ। ਕੈਪਟਨ ਗੁਰਚਰਨ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਤੋਂ ਉੱਪਰ ਉੱਠ ਕੇ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਗੁਰੂ ਜੀ ਦੀ ਵਿਚਾਰਧਾਰਾ ਵਿੱਚ ਪਿਆਰ, ਦਇਆ, ਸੇਵਾ ਅਤੇ ਬਰਾਬਰੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਏ ਤਾਂ ਆਪਸੀ ਮਤਭੇਦ ਦੂਰ ਕਰਕੇ ਖੁਸ਼ਹਾਲ ਅਤੇ ਸਮਰਸ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਸਾਂਝੀਵਾਲਤਾ ਯਾਤਰਾ ਸਮਾਜ ਵਿੱਚ ਸਦਭਾਵਨਾ, ਸਮਾਜਿਕ ਸਮਰਸਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਮਾਜਿਕ ਸਮਰਸਤਾ ਮੰਚ ਪੰਜਾਬ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਅਤੇ ਪ੍ਰਸਾਰ ਸਮਾਜ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।